ਨੈਸ਼ਨਲ ਟਾਈਮਜ਼ ਬਿਊਰੋ :- ਅੱਜ (ਸ਼ਨਿੱਚਰਵਾਰ) ਲਗਾਤਾਰ ਸੱਤਵੇਂ ਦਿਨ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀ ਈਮੇਲ ਆਈ ਹੈ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਸ੍ਰੀ ਦਰਬਾਰ ਸਾਹਿਬ ਉਤੇ ਸੀਆਈਐਸਐਫ (CISF) ਲਗਾਉਣ ਵਾਲਾ ਬਿਆਨ ਬਹੁਤ ਹੀ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਹੈ ਕਿ ਪਹਿਲਾਂ ਵੀ ਇਨ੍ਹਾਂ ਨੇ ਟੈਂਕਾਂ ਤੋਪਾਂ ਦੇ ਨਾਲ ਹਮਲਾ ਕੀਤਾ ਸੀ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਐਸਜੀਪੀਸੀ ਨਾਲ ਰਾਬਤਾ ਕਰਕੇ ਇਸ ਮੁੱਦੇ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਇਹ ਬਹੁਤ ਵੱਡਾ ਮਸਲਾ ਹੈ ਇਸ ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਇਹ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਜੁੜਿਆ ਹੋਇਆ ਮੁੱਦਾ ਹੈ। ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਤਾਲਮੇਲ ਜ਼ਰੂਰ ਕਰਨ।