ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ, CM ਮਾਨ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਐਲਾਨ

ਖੁਰਾਲਗੜ੍ਹ ਸਾਹਿਬ : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਸੰਗਤ ਲਈ ਕਈ ਅਹਿਮ ਐਲਾਨ ਕੀਤੇ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦਾ ਸੱਦਾ ਦਿੱਤਾ।

ਧਾਰਮਿਕ ਅਤੇ ਅਕਾਦਮਿਕ ਖੇਤਰ ਲਈ ਵੱਡੇ ਫੈਸਲੇ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਡੇਰਾ ਬੱਲਾਂ ਦੇ ਨੇੜੇ 11 ਏਕੜ ਜ਼ਮੀਨ ਵਿੱਚ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਵਿਸ਼ਾਲ ਅਧਿਐਨ ਕੇਂਦਰ ਸਥਾਪਿਤ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ 144 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਮੈਮੋਰੀਅਲ ਤਿਆਰ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਅੰਮ੍ਰਿਤਸਰ ਵਿੱਚ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਚੇਅਰ ਸਥਾਪਿਤ ਕੀਤੀ ਗਈ ਹੈ। ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਾਰੀਆਂ ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਸੈਮੀਨਾਰ ਵੀ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਮਕਸਦ ‘ਬੇਗਮਪੁਰਾ’ ਦੇ ਸੰਕਲਪ ਨੂੰ ਸਾਕਾਰ ਕਰਨਾ ਹੈ, ਜਿੱਥੇ ਸਭ ਨੂੰ ਬਰਾਬਰ ਸਹੂਲਤਾਂ ਮਿਲਣ । ਸੀ.ਐਮ. ਮਾਨ ਨੇ ਸਿਹਤ ਬੀਮਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਵਿੱਚ ਸਰਕਾਰੀ ਅਤੇ ਨਿੱਜੀ ਹਸਪਤਾਲ ਸ਼ਾਮਲ ਹੋਣਗੇ ਤਾਂ ਜੋ ਗਰੀਬੀ ਕਾਰਨ ਕਿਸੇ ਦਾ ਇਲਾਜ ਨਾ ਰੁਕੇ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਬੱਚੇ ਜੱਜ ਅਤੇ ਅਫ਼ਸਰ ਬਣ ਰਹੇ ਹਨ, ਜੋ ਸਿੱਖਿਆ ਦੇ ਖੇਤਰ ਵਿੱਚ ਆਈ ਕ੍ਰਾਂਤੀ ਦਾ ਪ੍ਰਤੀਕ ਹੈ।

ਭਗਵੰਤ ਮਾਨ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਰਵਿਦਾਸ ਜੀ ਦੇ 41 ਸਲੋਕ ਸਾਨੂੰ ਮਾਨਵਤਾ ਅਤੇ ਭਾਈਵਾਲਤਾ ਦਾ ਮਾਰਗ ਦਿਖਾਉਂਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸੰਤ ਸਮਾਜ ਦੀ ਇੱਛਾ ਅਨੁਸਾਰ ਸਰਕਾਰ ਹੋਰ ਵੀ ਸਮਾਗਮ ਕਰਵਾਉਣ ਲਈ ਹਮੇਸ਼ਾ ਤਿਆਰ ਹੈ।

By Gurpreet Singh

Leave a Reply

Your email address will not be published. Required fields are marked *