ਕੈਨੇਡਾ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ ਤੇ ਸਖ਼ਤੀ ਜਾਰੀ ਹੋਏ ਨੋਟਿਸ

ਰਾਜੀਵ ਸ਼ਰਮਾ :- ਕੈਨੇਡਾ ਵਿੱਚ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਨੀਤੀਆਂ ਦਾ ਵਿਰੋਧ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ, ‘ਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਵੱਡੀ ਕਾਰਵਾਈ ਕੀਤੀ ਹੈ। ਸੀਬੀਐਸਏ ਦੇ ਅਧਿਕਾਰੀਆਂ ਨੇ ਕੈਲਗਰੀ ਵਿੱਚ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚ ਕੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਜਾਇਜ਼ ਦਸਤਾਵੇਜ਼ ਨਾ ਹੋਣ ਦੀ ਸੂਰਤ ਵਿੱਚ ਕਈ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਕੀਤੇ ਹਨ। 

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਅਨੁਸਾਰ ਸੀਬੀਐਸਏ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਦੇ ਪਛਾਣ ਪੱਤਰ, ਸਟੱਡੀ ਪਰਮਿਟ ਅਤੇ ਵਰਕ ਆਥੋਰਾਈਜ਼ੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਹ ਏਜੰਸੀ ਕੈਨੇਡਾ ਦੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਦੇਸ਼ ਵਿੱਚੋਂ ਕੱਢਣ ਲਈ ਜ਼ਿੰਮੇਵਾਰ ਹੈ। ਵਿਦਿਆਰਥੀ ਜਥੇਬੰਦੀਆਂ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਪ੍ਰਦਰਸ਼ਨ ਵਾਲੀ ਥਾਂ ‘ਤੇ ਅਜਿਹੀ ਜਾਂਚ ਕਰਨਾ ਵਿਦਿਆਰਥੀਆਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਤੋਂ ਰੋਕਣ ਦੀ ਇੱਕ ਕੋਸ਼ਿਸ਼ ਹੈ। ਜ਼ਿਕਰਯੋਗ ਹੈ ਕਿ ਕੈਲਗਰੀ ਸਮੇਤ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ PGWP ਪ੍ਰੋਗਰਾਮ ਵਿੱਚ ਬਦਲਾਅ ਅਤੇ ਵਰਕ ਪਰਮਿਟ ਨਾ ਮਿਲਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਵੱਲੋਂ ਵਰਕ ਪਰਮਿਟ ਨਾ ਦੇਣ ਕਾਰਨ ਇਨ੍ਹਾਂ ਵਿਦਿਆਰਥੀਆਂ ‘ਤੇ ਆਪਣੇ ਵਤਨ ਵਾਪਸ ਜਾਣ ਦਾ ਖ਼ਤਰਾ ਮੰਡਰਾ ਰਿਹਾ ਹੈ। ਜਿੱਥੇ ਸਥਾਨਕ ਪ੍ਰੋਵਿੰਸ਼ੀਅਲ (ਸੂਬਾਈ) ਸਰਕਾਰਾਂ ਇਨ੍ਹਾਂ ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਪੱਖ ਵਿੱਚ ਅੜੀਆਂ ਹੋਈਆਂ ਹਨ, ਉੱਥੇ ਹੀ ਸੰਘੀ ਸਰਕਾਰ ਵੱਲੋਂ ਵੀ ਇਸ ਮੁੱਦੇ ‘ਤੇ ਸੂਬਾਈ ਸਰਕਾਰਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਸੀਬੀਐਸਏ ਦੀ ਇਸ ਤਾਜ਼ਾ ਕਾਰਵਾਈ ਨਾਲ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿੱਚ ਅਨਿਸ਼ਚਿਤਤਾ ਅਤੇ ਚਿੰਤਾ ਦਾ ਮਾਹੌਲ ਹੋਰ ਗਹਿਰਾ ਗਿਆ ਹੈ।

ਕੈਲਗਰੀ ਵਿੱਚ ਲਗਭਗ 1,000 ਤੋਂ ਵੱਧ ਵਿਦਿਆਰਥੀ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਹਨ, ਪਿਛਲੇ 10 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਹੋਈ ਹੈ। ਵਿਦਿਆਰਥੀਆਂ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੀਆਂ ਅਰਜ਼ੀਆਂ ਰੱਦ ਹੋਣ ਅਤੇ ਮੌਜੂਦਾ ਪਰਮਿਟਾਂ ਦੇ ਖ਼ਤਮ ਹੋਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀ ਮੰਗ ਕਰ ਰਹੇ ਹਨ ਕਿ ਰੱਦ ਕੀਤੀਆਂ ਗਈਆਂ PGWP ਅਰਜ਼ੀਆਂ ਦੀ ਮੁੜ ਸਮੀਖਿਆ ਕੀਤੀ ਜਾਵੇ, ਜਿਹੜੇ ਵਿਦਿਆਰਥੀ ਨਵੇਂ ਨਿਯਮ ਲਾਗੂ ਹੋਣ ਤੋਂ ਪਹਿਲਾਂ ਕੈਨੇਡਾ ਆਏ ਸਨ, ਉਨ੍ਹਾਂ ‘ਤੇ ਪੁਰਾਣੇ ਇਮੀਗ੍ਰੇਸ਼ਨ ਨਿਯਮ ਹੀ ਲਾਗੂ ਕੀਤੇ ਜਾਣ, ਪ੍ਰੋਵਿੰਸ਼ੀਅਲ ਨੌਮੀਨੀ ਪ੍ਰੋਗਰਾਮ (PNP) ਦੇ ਮੌਕਿਆਂ ਵਿੱਚ ਕੀਤੀ ਗਈ ਕਟੌਤੀ ਨੂੰ ਵਾਪਸ ਲਿਆ ਜਾਵੇ ਤਾਂ ਜੋ ਸਰਵਿਸ ਸੈਕਟਰ ਵਿੱਚ ਕੰਮ ਕਰ ਰਹੇ ਗ੍ਰੈਜੂਏਟ ਵੀ ਪੱਕੀ ਰਿਹਾਇਸ਼ (PR) ਲਈ ਯੋਗ ਹੋ ਸਕਣ। ਜ਼ਿਕਰਯੋਗ ਹੈ ਕਿ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਸਖ਼ਤੀ ਕੀਤੀ ਹੈ। ਇਸ ਦੇ ਤਹਿਤ ਸਟੱਡੀ ਪਰਮਿਟਾਂ ਅਤੇ ਪੜ੍ਹਾਈ ਤੋਂ ਬਾਅਦ ਮਿਲਣ ਵਾਲੇ ਕੰਮ ਦੇ ਮੌਕਿਆਂ ਨੂੰ ਸੀਮਤ ਕਰ ਦਿੱਤਾ ਗਿਆ ਹੈ।

By Rajeev Sharma

Leave a Reply

Your email address will not be published. Required fields are marked *