ਸੁਰੱਖਿਆ ਦੇ ਮੱਦੇਨਜ਼ਰ ਫਾਜ਼ਿਲਕਾ ‘ਚ ਸਖ਼ਤ ਪਾਬੰਦੀਆਂ ਲਗਾਈਆਂ, 31 ਅਗਸਤ ਤੱਕ ਹੁਕਮ ਰਹਿਣਗੇ ਜਾਰੀ

ਫਾਜ਼ਿਲਕਾ, 1 ਜੁਲਾਈ : ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਜਨਤਕ ਹਿੱਤ ਨੂੰ ਸਭ ਤੋਂ ਉੱਪਰ ਮੰਨਦੇ ਹੋਏ ਕਈ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀਆਂ 31 ਅਗਸਤ, 2025 ਤੱਕ ਲਾਗੂ ਰਹਿਣਗੀਆਂ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਪ੍ਰਸ਼ਾਸਨ ਨੇ 50 ਮਾਈਕਰੋਨ ਤੋਂ ਘੱਟ ਮੋਟਾਈ, 8×13 ਆਕਾਰ ਤੋਂ ਛੋਟੇ ਅਤੇ ਨਿਰਧਾਰਤ ਰੰਗ ਤੋਂ ਬਿਨਾਂ ਪਲਾਸਟਿਕ ਬੈਗਾਂ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਫੈਸਲਾ ਵਾਤਾਵਰਣ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਫਾਜ਼ਿਲਕਾ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡਾਂ ਅਤੇ ਸਰਹੱਦੀ ਚੌਕੀਆਂ (BOPs) ਦੇ ਆਲੇ-ਦੁਆਲੇ ਆਮ ਨਾਗਰਿਕਾਂ ਦੀ ਆਵਾਜਾਈ ‘ਤੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਸੁਰੱਖਿਆ ਕਾਰਨਾਂ ਕਰਕੇ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਲਗਾਈ ਗਈ ਹੈ।

ਕੋਬਰਾ ਜਾਂ ਕੰਡਿਆਲੀ ਤਾਰ ਦੀ ਖਰੀਦ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ, ਆਮ ਲੋਕ ਹੁਣ ਫੌਜੀ ਵਰਦੀ ਵਰਗੇ ਕੱਪੜੇ ਜਾਂ ਫੌਜੀ ਪੈਟਰਨ ਵਾਲੇ ਵਾਹਨਾਂ ਦੀ ਵਰਤੋਂ ਨਹੀਂ ਕਰ ਸਕਣਗੇ। ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਤੱਤ ਇਨ੍ਹਾਂ ਚੀਜ਼ਾਂ ਦੀ ਦੁਰਵਰਤੋਂ ਨਾ ਕਰ ਸਕੇ।

ਫਾਜ਼ਿਲਕਾ ਸਬ-ਜੇਲ੍ਹ ਦੇ 500 ਵਰਗ ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਫੈਸਲੇ ਦਾ ਉਦੇਸ਼ ਜੇਲ੍ਹ ਸੁਰੱਖਿਆ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਨਿਗਰਾਨੀ ਨੂੰ ਹੋਰ ਬਿਹਤਰ ਬਣਾਉਣਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਪਾਬੰਦੀਆਂ ਦਾ ਉਦੇਸ਼ ਫਾਜ਼ਿਲਕਾ ਜ਼ਿਲ੍ਹੇ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ​​ਕਰਨਾ, ਸਰਹੱਦ ਪਾਰ ਤੋਂ ਸ਼ੱਕੀ ਗਤੀਵਿਧੀਆਂ ਨੂੰ ਰੋਕਣਾ ਅਤੇ ਵਾਤਾਵਰਣ ਦੀ ਰੱਖਿਆ ਕਰਨਾ ਹੈ। ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿੱਚ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *