ਗੁਰਪ੍ਰੀਤ ਸਿੰਘ :- ਪੰਜਾਬ ਦੇ ਗੰਨਾ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 20 ਨਵੰਬਰ ਨੂੰ ਜਲੰਧਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ ਇਸ ਦਿਨ ਰੇਲਾਂ ਰੋਕਣ ਦੇ ਨਾਲ ਸੜਕਾਂ ’ਤੇ ਵੀ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਅਣਮਿੱਥੇ ਸਮੇਂ ਲਈ ਸੜਕਾਂ ਅਤੇ ਰੇਲਵੇ ਟਰੈਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।
ਕਿਸਾਨਾਂ ਦਾ ਮੁੱਖ ਇਤਰਾਜ਼ ਹੈ ਕਿ 2026-27 ਦੇ ਗੰਨਾ ਪਿੜਾਈ ਸੀਜ਼ਨ ਲਈ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਗੰਨੇ ਦਾ ਨਵਾਂ ਭਾਅ ਐਲਾਨਿਆ ਨਹੀਂ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਪਿਛਲੇ ਸਮੇਂ ਦੀ ਰਹਿੰਦੀ ਗੰਨੇ ਦੀ ਅਦਾਇਗੀ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਰੀਬ 10 ਦਿਨਾਂ ਬਾਅਦ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣਾ ਹੈ, ਪਰ ਨਵੇਂ ਰੇਟ ਦਾ ਐਲਾਨ ਨਾ ਹੋਣ ਕਾਰਨ ਕਿਸਾਨਾਂ ਵਿੱਚ ਨਾਰਾਜ਼ਗੀ ਹੈ।
ਗੰਨੇ ਹੇਠ ਰਕਬੇ ਵਿੱਚ ਹੋਇਆ ਵਾਧਾ
ਅੰਕੜਿਆਂ ਮੁਤਾਬਕ ਪੰਜਾਬ ਵਿੱਚ ਇਸ ਸਾਲ ਗੰਨੇ ਦੀ ਖੇਤੀ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ, ਜਦਕਿ ਪਿਛਲੇ ਸਾਲ ਇਹ ਰਕਬਾ 1.12 ਲੱਖ ਹੈਕਟੇਅਰ ਸੀ। ਇਸ ਸੀਜ਼ਨ ਦੌਰਾਨ ਸੂਬੇ ਵਿੱਚ ਕਰੀਬ 700 ਲੱਖ ਕੁਇੰਟਲ ਗੰਨੇ ਦੇ ਉਤਪਾਦਨ ਦਾ ਅਨੁਮਾਨ ਲਗਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਵੇਂ ਭਾਅ ਦਾ ਐਲਾਨ ਅਤੇ ਬਕਾਇਆ ਰਕਮ ਦੀ ਅਦਾਇਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 20 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਆਵਾਜਾਈ ਪ੍ਰਭਾਵਿਤ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
