ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਮੁੜ ਚੁਣੇ ਗਏ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਅਟੱਲ ਰਾਏ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਦਰ ‘ਤੇ ਸ਼ੁਕਰਾਨਾ ਅਰਪਿਤ ਕੀਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੈੱਡ ਗ੍ਰੰਥੀ ਜੀ ਵੱਲੋਂ ਚੜ੍ਹਦੀਕਲਾ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਲੀਡਰਾਂ ਦੀ ਹਾਜ਼ਰੀ ‘ਚ ਸ. ਸੁਖਬੀਰ ਬਾਦਲ ਨੇ ਮੂਲ ਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਆਪਣੀ ਪੰਥਕ ਨਿਸ਼ਠਾ ਦਾ ਇਜ਼ਹਾਰ ਕੀਤਾ। ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਬੀਰ ਬਾਦਲ ਨੂੰ ਸਿੱਖ ਰਹਿਤ ਮਰਯਾਦਾ ਅਤੇ ਹੋਰ ਧਾਰਮਿਕ ਸਾਹਿਤ ਸਿਰਪਾਓ ਰੂਪ ਵਿੱਚ ਭੇਂਟ ਕੀਤੇ। ਜਥੇਦਾਰ ਸਾਹਿਬ ਨੇ ਅਕਾਲੀ ਦਲ ਦੀ ਨਵੀਂ ਲੀਡਰਸ਼ਿਪ ਨਾਲ ਪੰਥਕ ਮੁੱਦਿਆਂ ਉੱਤੇ ਵਿਚਾਰ-ਵਟਾਂਦਰਾ ਵੀ ਕੀਤਾ।ਇਸ ਮੌਕੇ ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਪਾਰਟੀ ਪੰਥ ਦੀ ਸੇਵਾ, ਸਿੱਖੀ ਦੀ ਰਾਖੀ ਅਤੇ ਸਾਂਝੀ ਸਿਆਸਤ ਦੇ ਰਾਹ ‘ਤੇ ਅੱਗੇ ਵਧੇਗੀ।
