ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪ੍ਰਵਾਸੀ ਭਾਰਤੀਆਂ ਨੂੰ ਜਿਸ ਤਰੀਕੇ ਨਾਲ ਅਮਰੀਕਾ ਵੱਲੋਂ ਭਾਰਤ ਭੇਜਿਆ ਗਿਆ ਹੈ ਹਰ ਪਾਸੇ ਉਸਦੀ ਨਿੰਦਾ ਕੀਤੀ ਜਾ ਰਹੀ ਹੈ। ਲਗਾਤਾਰ ਵਿਰੋਧੀ ਧਿਰ ਇਸਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਸੁਖਬੀਰ ਬਾਦਲ ਨੇ ਭਾਰਤੀਆਂ ਨਾਲ ਹੋਏ ਵਿਵਹਾਰ ਬਾਰੇ ਦੁੱਖ ਜਤਾਉਂਦਿਆਂ ਕਿਹਾ ਕਿ “ਜਿਸ ਤਰੀਕੇ ਭਾਰਤੀਆਂ ਨੂੰ ਅਮਰੀਕਾ ਤੋਂ ਫੌਜੀ ਜਹਾਜ਼ ਵਿੱਚ ਹੱਥਕੜੀਆਂ ਲਗਾ ਕੇ ਡਿਪੋਰਟ ਕੀਤਾ ਗਿਆ ਹੈ, ਇਹ ਦੇਸ਼ ਦਾ ਅਪਮਾਨ ਹੈ । ਪ੍ਰਵਾਸੀ ਹਾਲਾਤਾਂ ਦੇ ਸ਼ਿਕਾਰ ਹਨ, ਕੋਈ ਅਪਰਾਧੀ ਨਹੀਂ । ਉਨ੍ਹਾਂ ਨਾਲ ਮਨੁੱਖੀ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ ।”
ਉਨ੍ਹਾਂ ਨੇ PM ਮੋਦੀ ਨੂੰ ਬੇਨਤੀ ਕਰਦਿਆਂ ਕਿਹਾ ਕਿ “ਮੈਂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਮੁੱਦੇ ਨੂੰ ਅਮਰੀਕਾ ਦੀ ਸਰਕਾਰ ਕੋਲ ਚੁੱਕਣ ਅਤੇ ਇਹ ਯਕੀਨੀ ਬਣਾਉਣ ਕਿ ਭਾਰਤੀਆਂ ਨਾਲ ਇਸ ਤਰ੍ਹਾਂ ਦੁਰਵਿਵਹਾਰ ਨਾ ਕੀਤਾ ਜਾਵੇ ।”
CM ਮਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ “ਇਹ ਵੀ ਬਹੁਤ ਨਿੰਦਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਅਲੀ ਟ੍ਰੈਵਲ ਏਜੰਟਾਂ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਨ੍ਹਾਂ ਨੇ ਸਾਡੇ ਉੱਦਮੀ ਪੰਜਾਬੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਾ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਦੀ ਕੋਸ਼ਿਸ਼ ਕੀਤੀ । ਇਹ ਸਾਰੇ ਟ੍ਰੈਵਲ ਏਜੰਟਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਤੇ ਇਨ੍ਹਾਂ ਪੀੜਤ ਪ੍ਰਵਾਸੀਆਂ ਦੇ ਮਾਪਿਆਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ ।”
