ਨੈਸ਼ਨਲ ਟਾਈਮਜ਼ ਬਿਊਰੋ :- ਡੇਰਾ ਬਾਬਾ ਨਾਨਕ ਹਲਕੇ ਵਿੱਚ ਹੜ੍ਹ ਕਾਰਨ ਗੰਭੀਰ ਸਥਿਤੀ ਪੈਦਾ ਹੋ ਗਈ ਹੈ। ਕਲਾਨੌਰ ਇਲਾਕੇ ਦੇ ਕਈ ਪਿੰਡ ਪੂਰੀ ਤਰ੍ਹਾਂ ਪਾਣੀ ‘ਚ ਡੁੱਬੇ ਹੋਏ ਹਨ। ਇਸ ਹਾਲਾਤ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਲਾਕੇ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਦੇ ਦੁੱਖ ਦਰਦ ਸੁਣੇ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਜ਼ਿੱਦਬਾਜ਼ੀ ਛੱਡ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਤੁਰੰਤ ਆਰਮੀ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਸਕੇ ਅਤੇ ਰਾਹਤ ਕਾਰਜ ਤੇਜ਼ੀ ਨਾਲ ਸ਼ੁਰੂ ਹੋ ਸਕਣ।
ਆਪਣੇ ਦੌਰੇ ਦੌਰਾਨ ਬਾਦਲ ਨੇ ਗੁੱਜਰ ਭਾਈਚਾਰੇ ਨਾਲ ਵੀ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਪਸ਼ੂਆਂ ਲਈ ਚਾਰੇ ਦੀ ਵਿਵਸਥਾ ਕੀਤੀ। ਉਨ੍ਹਾਂ ਕਿਹਾ ਕਿ ਹੋਰ ਰਾਹਤ ਸਮਗਰੀ ਵੀ ਜਲਦ ਪਹੁੰਚਾਈ ਜਾਵੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਲੋਕ ਬਹੁਤ ਮੁਸ਼ਕਲ ਹਾਲਾਤ ‘ਚ ਹਨ। ਪੀਣਯੋਗ ਪਾਣੀ, ਚਾਰਾ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਘਾਟ ਕਾਰਨ ਲੋਕਾਂ ਦੇ ਚਿਹਰਿਆਂ ‘ਤੇ ਦਰਦ ਅਤੇ ਨਿਰਾਸ਼ਾ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਣੇ ਫਰਜ਼ ਨੂੰ ਨਿਭਾਉਂਦੇ ਹੋਏ ਚਾਰਾ, ਖੁਰਾਕ ਅਤੇ ਪਾਣੀ ਇਕੱਠਾ ਕਰਕੇ ਹੜ੍ਹ-ਪ੍ਰਭਾਵਿਤ ਲੋਕਾਂ ਤੱਕ ਪਹੁੰਚਾ ਰਹੇ ਹਨ।
ਸੁਖਬੀਰ ਬਾਦਲ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਅਨੁਸਾਰ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਇਸ ਮੁਸ਼ਕਲ ਘੜੀ ਵਿੱਚ ਇਕ ਦੂਜੇ ਦਾ ਸਾਥ ਦੇਣ।
