ਸਮਾਣੇ ਪਹੁੰਚੇ ਸੁਖਬੀਰ ਬਾਦਲ ਨੇ ਕੀਤੀ ਬੇਅਦਬੀ ਕਾਨੂੰਨ ਬਣਾਉਣ ਦੀ ਹਮਾਇਤ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਇਹ ਐਲਾਨ ਵੀ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਲਈ ਅੱਗੇ ਹੋ ਕੇ ਲੜਾਈ ਲੜਦਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਵੀ ਗੰਭੀਰ ਦੋਸ਼ ਲਾਉਂਦਿਆਂ ਆਖਿਆ ਕਿ ਉਹ ਗਾਰੰਟੀ ਨਾਲ ਕਹਿ ਸਕਦੇ ਹਨ ਕਿ ਜੇ ਬੇਅਦਬੀਆਂ ਦੀ ਜਾਂਚ ਕਰਵਾਈ ਜਾਵੇ ਤਾਂ ਉਨ੍ਹਾਂ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੋਵੇਗਾ। 

ਅੱਜ ਸੁਖਬੀਰ ਸਿੰਘ ਬਾਦਲ ‘ਪੰਜਾਬ ਬਚਾਓ ਮੁਹਿੰਮ’ ਤਹਿਤ ਸਮਾਣੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸਮਾਣੇ ਵਿਚ ਚੱਲ ਰਹੇ ਮੋਰਚੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਹੀ ਚਾਹੁੰਦੇ ਹਨ ਕਿ ਬੇਅਦਬੀਆਂ ਦੇ ਖ਼ਿਲਾਫ਼ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਵੇਲੇ 2016 ਵਿਚ ਹੀ ਬੇਅਦਬੀਆਂ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਦਾ ਬਿੱਲ ਵਿਧਾਨ ਸਭਾ ਵਿਚੋਂ ਪਾਸ ਕਰਕੇ ਭੇਜਿਆ ਗਿਆ ਸੀ, ਪਰ ਕੇਂਦਰ ਨੇ ਉਸ ਬਾਰੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਜਿਹੇ ਘਿਨੌਣੇ ਕੰਮ ਕਰਦੇ ਹਨ, ਉਨ੍ਹਾਂ ਨੂੰ ਦੁਨੀਆ ਵਿਚ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਲੜਾਈ ਅੱਗੇ ਹੋ ਕੇ ਲੜਦਾ ਰਹੇਗਾ। 

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 2014 ਵਿਚ ਆਮ ਆਦਮੀ ਪਾਰਟੀ ਪੰਜਾਬ ਵਿਚ ਆਈ ਤੇ 2015 ਵਿਚ ਬੇਅਦਬੀਆਂ ਸ਼ੁਰੂ ਹੋ ਗਈਆਂ। ਉਨ੍ਹਾਂ ਕਿਹਾ ਕਿ ਇਹ ਲੋਕਾਂ ਨੂੰ ਆਪਸ ਵਿਚ ਲੜਾ ਕੇ ਰਾਜ ਕਰਨਾ ਚਾਹੁੰਦੇ ਹਨ। ਸੁਖਬੀਰ ਨੇ ਕਿਹਾ ਕਿ ਉਹ ਗਾਰੰਟੀ ਨਾਲ ਆਖ਼ ਸਕਦੇ ਹਨ ਜੇਕਰ ਕਿਸੇ ਵੀ ਬੇਅਦਬੀ ਮਾਮਲੇ ਦੀ ਜਾਂਚ ਕੀਤੀ ਜਾਵੇ ਤਾਂ ਸਾਰਿਆਂ ਮਗਰ ਆਮ ਆਦਮੀ ਪਾਰਟੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿਚ ‘ਆਪ’ ਦਾ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਬੇਅਦਬੀ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਰੇਸ਼ ਯਾਦਵ ਨੂੰ ਬਚਾਉਣ ਲਈ ਉਸ ਦੀ ਵਕਾਲਤ ਕਰਦੇ ਰਹੇ ਤੇ ‘ਆਪ’ ਸਰਕਾਰ ਨੇ ਉਸ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਵੀ ਕੀਤੀ, ਪਰ ਅਖ਼ੀਰ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ। 

By Gurpreet Singh

Leave a Reply

Your email address will not be published. Required fields are marked *