ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਵੱਲੋਂ ਭੇਜਿਆ ਗਿਆ ਮਾਣਹਾਨੀ ਦਾ ਨੋਟਿਸ ਅਜੇ ਤੱਕ ਨਹੀਂ ਮਿਲਿਆ ਹੈ। ਇਹ ਦਾਅਵਾ ਸੁਖਪਾਲ ਸਿੰਘ ਖਹਿਰਾ ਨੇ ਖੁਦ ਕੀਤਾ ਹੈ। ਖਹਿਰਾ ਨੇ ਕਿਹਾ – ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਕਿ ਸਥਾਨਕ ਅਦਾਲਤ ਨੇ ਉਨ੍ਹਾਂ ਵਿਰੁੱਧ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਮੁੱਖ ਮੰਤਰੀ ਦੇ ਓਐਸਡੀ ਦੀ ਸ਼ਿਕਾਇਤ ‘ਤੇ ਜਾਰੀ ਕੀਤਾ ਗਿਆ ਹੈ ਅਤੇ ਸੁਣਵਾਈ 11 ਅਗਸਤ ਨੂੰ ਹੋਵੇਗੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਨੋਟਿਸ ਨਹੀਂ ਮਿਲਿਆ ਹੈ।
ਦਰਅਸਲ ‘ਚ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਲੀਗਲ ਨੋਟਿਸ ਭੇਜਿਆ ਸੀ। ਨੋਟਿਸ ਵਿਚ ਸੁਖਪਾਲ ਖਹਿਰਾ ਨੂੰ 72 ਘੰਟਿਆਂ ਅੰਦਰ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ। ਰਾਜਬੀਰ ਸਿੰਘ ਨੇ ਕਿਹਾ ਸੀ ਕਿ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ, ਬੇਬੁਨਿਆਦ ਅਤੇ ਮਨਘੜਤ ਆਰੋਪ ਲਗਾਏ ਹਨ, ਜਿਸ ਨਾਲ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਸੀ ਕਿ ਜੇਕਰ ਸੋਮਵਾਰ ਤੱਕ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।
ਖਹਿਰਾ ਨੇ ਕਿਹਾ- ਮੈਂ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਉਂਦਾ ਰਹਾਂਗਾ
ਸੁਖਪਾਲ ਸਿੰਘ ਖਹਿਰਾ ਨੇ ਕਿਹਾ- “ਮੈਂ ਇਹ ਰਿਕਾਰਡ ‘ਤੇ ਰੱਖਣਾ ਚਾਹੁੰਦਾ ਹਾਂ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਵਜੋਂ 144 ਟੋਇਟਾ ਹਾਈਲਕਸ ਗੱਡੀਆਂ ਦੀ ਗਲਤ ਖਰੀਦ ਦਾ ਮੁੱਦਾ ਉਠਾਉਂਦਾ ਰਹਾਂਗਾ। ਇਹ ਖਰੀਦ ਡੀਜੀਪੀ ਪੰਜਾਬ ਦੇ ਨਾਮ ‘ਤੇ ਕੀਤੀ ਗਈ ਹੈ ਅਤੇ ਇਹ ਭ੍ਰਿਸ਼ਟਾਚਾਰ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਜੁੜਿਆ ਹੋਇਆ ਹੈ। ਮੈਂ ਇਸ ਮਾਮਲੇ ਨੂੰ ਇਸਦੇ ਤਰਕਪੂਰਨ ਸਿੱਟੇ ‘ਤੇ ਲੈ ਕੇ ਜਾਵਾਂਗਾ।”
ਕੀ ਹੈ ਪੂਰਾ ਮਾਮਲਾ ?
ਦਰਅਸਲ, ਹਾਲ ਹੀ ਵਿੱਚ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਲਈ 144 ਟੋਇਟਾ ਹਾਈਲਕਸ ਗੱਡੀਆਂ ਖਰੀਦੀਆਂ ਸਨ। ਖਹਿਰਾ ਨੇ ਆਰੋਪ ਲਗਾਇਆ ਸੀ ਕਿ ਇਨ੍ਹਾਂ ਗੱਡੀਆਂ ਦੀ ਥੋਕ ਖਰੀਦ ਦੇ ਬਾਵਜੂਦ ਕੰਪਨੀ ਤੋਂ ਕੋਈ ਛੋਟ ਨਹੀਂ ਲਈ ਗਈ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲਗਭਗ 15-20 ਕਰੋੜ ਰੁਪਏ ਦਾ ਨੁਕਸਾਨ ਹੋਇਆ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਤੀ ਵਾਹਨ 10 ਲੱਖ ਰੁਪਏ ਤੱਕ ਦੀ ਛੋਟ ਮਿਲ ਸਕਦੀ ਸੀ। ਖਹਿਰਾ ਇਸ ਮੁੱਦੇ ‘ਤੇ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧ ਰਹੇ ਹਨ। ਖਹਿਰਾ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਅਦਾਲਤ ਅਤੇ ਜਨਤਾ ਦੋਵਾਂ ਦੇ ਸਾਹਮਣੇ ਉਠਾਉਂਦੇ ਰਹਿਣਗੇ, ਭਾਵੇਂ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਮਾਮਲਾ ਕਿਉਂ ਨਾ ਹੋਵੇ।