ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਉਤੇ ਤਰੁਣ ਚੁੱਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਗੁਰਪ੍ਰੀਤ ਸਿੰਘ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਅਰਦਾਸ ਕਰਨ ਲਈ ਰਾਜ ਸਭਾ ਮੈਂਬਰ ਤਰੁਣ ਚੁੱਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ। ਪੀਐਮ ਮੋਦੀ ਦੇ ਜਨਮ ਦਿਨ ਦੇ ਮੌਕੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ ਜਿਸ ਤਰੀਕੇ ਨਾਲ ਸੰਕਲਪ ਲੈਕੇ ਚੱਲੇ ਹਨ ਦੇਸ਼ ਨੂੰ ਵਿਸ਼ਵ ਵਿੱਚ ਜਿਵੇਂ ਅੱਗੇ ਲੈਕੇ ਗਏ ਹਨ, ਉਸ ਦੀ ਅਰਦਾਸ ਕਰਨ ਆਏ ਹਾਂ। ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਅਰਦਾਸ ਕੀਤੀ ਗਈ।

ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਸ਼ਾਂਤੀ ਲਈ ਵੀ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਗਈ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਤਰੁਣ ਚੁੱਘ ਨੇ ਪੰਜਾਬ ਅਤੇ ਦੇਸ਼ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ ਤੇ ਇਸ ਧਰਤੀ ਤੋਂ ਦੇਸ਼ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕਰਨਾ ਮਹੱਤਵਪੂਰਨ ਹੈ। ਇਸ ਮੌਕੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦੇ ਭਵਿੱਖ ਤੇ ਸੂਬੇ ਦੀ ਤਰੱਕੀ ਨਾਲ ਜੁੜੇ ਮੁੱਦੇ ਵੀ ਚਰਚਾ ਵਿੱਚ ਰਹੇ। ਪੰਜਾਬ ਨੂੰ ਨਸ਼ਾ ਮੁਕਤ ਤੇ ਵਿਕਾਸ ਦੇ ਰਾਹ ’ਤੇ ਲਿਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਵਿਕਸਿਤ ਭਾਰਤ’ ਦਾ ਸੰਕਲਪ ਲਿਆ ਗਿਆ ਹੈ ਅਤੇ ਇਸ ਦੇ ਨਾਲ ਪੰਜਾਬ ਨੂੰ ਵੀ ਵਿਕਾਸ ਦੀ ਇਸ ਯਾਤਰਾ ਵਿੱਚ ਅੱਗੇ ਲਿਜਾਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵੀ ਗੁਰੂ ਮਹਾਰਾਜ ਦਾ ਆਸ਼ੀਰਵਾਦ ਮੰਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਦੇਸ਼ ਭਰ ਵਿੱਚ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਲਈ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦਿਆਂ ਗੈਂਗਸਟਰਵਾਦ ਅਤੇ ਰੰਗਦਾਰੀ ਦੀਆਂ ਘਟਨਾਵਾਂ ਦਾ ਮੁੱਦਾ ਵੀ ਚੁੱਕਿਆ ਗਿਆ। ਦਾਅਵਾ ਕੀਤਾ ਗਿਆ ਕਿ ਕਈ ਲੋਕਾਂ ਨੂੰ ਰੰਗਦਾਰੀ ਲਈ ਫੋਨ ਆਉਂਦੇ ਹਨ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਪੰਜਾਬ ਦੀ ਵਿੱਤੀ ਸਥਿਤੀ ਦਾ ਜ਼ਿਕਰ ਕਰਦਿਆਂ ਬਿਆਨ ਵਿੱਚ ਸੂਬੇ ’ਤੇ ਵਧ ਰਹੇ ਕਰਜ਼ੇ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ ਗਈ ਅਤੇ ਕਿਹਾ ਗਿਆ ਕਿ ਆਉਣ ਵਾਲੀਆਂ ਪੀੜ੍ਹੀਆਂ ’ਤੇ ਕਰਜ਼ੇ ਦਾ ਬੋਝ ਨਹੀਂ ਪੈਣਾ ਚਾਹੀਦਾ।

ਇਸ ਤੋਂ ਇਲਾਵਾ ਪੰਜਾਬ ਵਿੱਚ ਜਾਤੀਵਾਦ, ਧਾਰਮਿਕ ਭੇਦਭਾਵ ਅਤੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਰਗੇ ਮੁੱਦਿਆਂ ਨੂੰ ਵੀ ਗੰਭੀਰ ਦੱਸਿਆ ਗਿਆ। ਬਿਆਨ ਵਿੱਚ ਕਿਹਾ ਗਿਆ ਕਿ ਗੁਰੂ ਸਾਹਿਬਾਨ ਦੀ ਧਰਤੀ ਪੰਜਾਬ ਵਿੱਚ ਹਰ ਵਿਅਕਤੀ ਨਾਲ ਬਰਾਬਰੀ ਦਾ ਵਿਵਹਾਰ ਹੋਣਾ ਚਾਹੀਦਾ ਹੈ। ‘ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ’ ਅਤੇ ਸੰਗਤ-ਪੰਗਤ ਦੀ ਪਰੰਪਰਾ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਤੀ ਜਾਂ ਧਾਰਮਿਕ ਭੇਦਭਾਵ ਨਹੀਂ ਹੋਣਾ ਚਾਹੀਦਾ।

By Gurpreet Singh

Leave a Reply

Your email address will not be published. Required fields are marked *