ਕੁਲਗਾਮ (ਗੁਰਪ੍ਰੀਤ ਸਿੰਘ) : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੀਆਰਪੀਐੱਫ (CRPF) ਦੀ ਬਟਾਲੀਅਨ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾ ਕੀਤਾ ਗਿਆ। ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਸੀਆਰਪੀਐੱਫ ਦੀ ਪੈਟਰੋਲਿੰਗ ਟੀਮ ’ਤੇ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਵਿੱਚ ਸੀਆਰਪੀਐੱਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ।
ਹਮਲੇ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਅਤੇ ਵਾਧੂ ਬੈਰੀਕੇਡ ਲਗਾਏ ਗਏ। ਐਂਬੂਲੈਂਸਾਂ ਦੇ ਸਾਇਰਨਾਂ ਵਿਚਕਾਰ ਬਖ਼ਤਰਬੰਦ ਗੱਡੀਆਂ ਵਿੱਚ ਸੁਰੱਖਿਆ ਕਰਮਚਾਰੀ ਮੌਕੇ ’ਤੇ ਪਹੁੰਚੇ। ਇਸ ਦੇ ਨਾਲ ਹੀ ਲਾਊਡਸਪੀਕਰ ਰਾਹੀਂ ਸਥਾਨਕ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਗਈ।
ਦੁਪਹਿਰ 2:15 ਵਜੇ ਹੋਈ ਗੋਲੀਬਾਰੀ
ਸੀਆਰਪੀਐੱਫ ਵੱਲੋਂ ਜਾਰੀ ਬਿਆਨ ਅਨੁਸਾਰ, ਅੱਜ ਦੁਪਹਿਰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਇਕ ਨਾਕੇ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ’ਤੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਇਹ ਘਟਨਾ ਦੁਪਹਿਰ ਕਰੀਬ 2:15 ਵਜੇ ਵਾਪਰੀ। ਹਮਲਾਵਰ ਗੋਲੀਆਂ ਚਲਾਉਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
ਜ਼ਖ਼ਮੀ ਜਵਾਨਾਂ ਨੂੰ ਇਲਾਜ ਲਈ ਅਨੰਤਨਾਗ ਜ਼ਿਲ੍ਹੇ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਇਕ ਜਵਾਨ ਦੀ ਲੱਤ ਵਿੱਚ ਅਤੇ ਦੂਜੇ ਜਵਾਨ ਦੇ ਮੋਢੇ ਦੇ ਨੇੜੇ ਗੋਲੀ ਲੱਗੀ ਹੈ।
ਇਲਾਕੇ ਦੀ ਘੇਰਾਬੰਦੀ, ਤਲਾਸ਼ੀ ਮੁਹਿੰਮ ਜਾਰੀ
ਸੀਆਰਪੀਐੱਫ ਦੇ ਜਵਾਨਾਂ ਨੇ ਵੀ ਹਮਲਾਵਰਾਂ ਦੀ ਗੋਲੀਬਾਰੀ ਦਾ ਜਵਾਬ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਜਵਾਬੀ ਕਾਰਵਾਈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਕਵਿਕ ਰਿਐਕਸ਼ਨ ਟੀਮਾਂ ਨੂੰ ਵੀ ਮੌਕੇ ’ਤੇ ਭੇਜਿਆ ਗਿਆ ਹੈ।
ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸਾਵਧਾਨੀ ਵਜੋਂ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
