ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਵਿਸਾਰਿਆ : ਪ੍ਰਤਾਪ ਬਾਜਵਾ

ਚੰਡੀਗੜ੍ਹ : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਬਜਟ 2026-27 ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਲਈ ਬੇਹੱਦ ਨਿਰਾਸ਼ਾਜਨਕ ਹੈ ਅਤੇ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ। ਬਾਜਵਾ ਨੇ ਬਜਟ ਦੀਆਂ ਕਮੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ‘ਅੰਨਦਾਤਾ’ ਕਿਸਾਨਾਂ ਲਈ ਬਜਟ ਵਿਚ ਕੋਈ ਰਾਹਤ ਨਹੀਂ ਦਿੱਤੀ ਗਈ। ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਸਪੱਸ਼ਟ ਰੋਡਮੈਪ ਤਿਆਰ ਨਹੀਂ ਕੀਤਾ ਗਿਆ, ਜਿਸ ਕਾਰਨ ਨੌਜਵਾਨ ਵਰਗ ਵਿਚ ਭਾਰੀ ਨਿਰਾਸ਼ਾ ਹੈ। ਬਜਟ ਵਿੱਚ ਨਾ ਤਾਂ ਉਦਯੋਗਾਂ ਲਈ ਕੋਈ ਵਿਸ਼ੇਸ਼ ਯੋਜਨਾ ਹੈ ਅਤੇ ਨਾ ਹੀ ਸ਼ਹਿਰਾਂ ਦੇ ਵਿਕਾਸ ਲਈ ਕੋਈ ਖਾਕਾ ਤਿਆਰ ਕੀਤਾ ਗਿਆ ਹੈ।

“12 ਸਾਲਾਂ ਦਾ ਸ਼ਾਸਨ ਪਰ ਪੰਜਾਬ ਲਈ ਕੁਝ ਨਹੀਂ”

ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇੰਨੇ ਲੰਬੇ ਸਮੇਂ ਬਾਅਦ ਵੀ ਪੰਜਾਬ ਦੇ ਮਸਲਿਆਂ ਦਾ ਕੋਈ ਹੱਲ ਨਹੀਂ ਲੱਭਿਆ ਗਿਆ। ਉਨ੍ਹਾਂ ਮੁਤਾਬਕ, ਸਰਕਾਰ ਸਿਰਫ਼ ‘ਸੁਧਾਰਾਂ’ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਵਿਚ ਕੋਈ ਬਦਲਾਅ ਨਹੀਂ ਆਇਆ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕੋਲ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਕੰਮ ਕਰਨ ਦੀ ਇੱਛਾ ਸ਼ਕਤੀ। ਬਾਜਵਾ ਅਨੁਸਾਰ ਹੁਣ ਸਰਕਾਰ ਕੋਲ ਇਸ ਅਣਦੇਖੀ ਨੂੰ ਸਹੀ ਠਹਿਰਾਉਣ ਲਈ ਕੋਈ ਨਾਅਰਾ ਵੀ ਬਾਕੀ ਨਹੀਂ ਬਚਿਆ ਹੈ।

By Gurpreet Singh

Leave a Reply

Your email address will not be published. Required fields are marked *