ਨੈਸ਼ਨਲ ਟਾਈਮਜ਼ ਬਿਊਰੋ :- ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਆਫ਼ਤ ਪ੍ਰਬੰਧਨ ਲਈ ਪਹਿਲਾਂ ਹੀ 11,000 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨੁਕਸਾਨ ਦਾ ਸਹੀ ਮੁਲਾਂਕਣ (ਗਿਰਦਾਵਰੀ) ਕਰਵਾ ਕੇ ਪ੍ਰਭਾਵਿਤਾਂ ਨੂੰ ਢੁਕਵਾਂ ਮੁਆਵਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਖੁਦ ਪੰਜਾਬ ਆ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੇਂਦਰ ਸਰਕਾਰ ਹਰ ਕਿਸਾਨ ਅਤੇ ਹਰ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਚੁੱਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ‘ਮਨੁੱਖ-ਨਿਰਮਿਤ ਆਫ਼ਤ’ ਵਿੱਚ ਧੱਕ ਦਿੱਤਾ। ਉਨ੍ਹਾਂ ਯਾਦ ਦਿਵਾਇਆ ਕਿ ਮੌਸਮ ਵਿਭਾਗ ਨੇ 15 ਅਪ੍ਰੈਲ ਨੂੰ ਹੀ ਆਮ ਨਾਲੋਂ ਵੱਧ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਸੀ ਅਤੇ 23 ਅਪ੍ਰੈਲ ਨੂੰ ਬੀਬੀਐਮਬੀ ਦੀ ਤਕਨੀਕੀ ਕਮੇਟੀ ਨੇ ਬਫਰ ਬਣਾਉਣ ਲਈ ਡੈਮ ਦੇ ਪਾਣੀ ਦੇ ਪੱਧਰ ਨੂੰ ਘਟਾਉਣ ਦੀ ਸਿਫਾਰਸ਼ ਕੀਤੀ ਸੀ, ਪਰ ਮਾਨ ਸਰਕਾਰ ਨੇ ਡੈਮ ‘ਤੇ ਪੁਲਿਸ ਤਾਇਨਾਤ ਕਰਕੇ ਪਾਣੀ ਛੱਡਣ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਅਤੇ ਪੂਰੇ ਮੁੱਦੇ ਨੂੰ ਰਾਜਨੀਤਿਕ ਤਮਾਸ਼ਾ ਬਣਾ ਦਿੱਤਾ। ਇਸਦਾ ਨਤੀਜਾ ਸਭ ਦੇ ਸਾਹਮਣੇ ਹੈ। ਭਾਖੜਾ ਤੋਂ ਅਚਾਨਕ 65,000 ਕਿਊਸਿਕ ਅਤੇ ਪੌਂਗ ਤੋਂ 80,000 ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਨਾਲ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਬਾਹੀ ਮਚ ਗਈ।
