ਭਾਰਤ ਤੱਕ ਆ ਗਿਆ ਜੰਗ ਦਾ ਸੇਕ ! ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ

ਰਾਜੀਵ ਸ਼ਰਮਾ :- ਈਰਾਨ ‘ਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਗਏ ਤਾਜ਼ਾ ਫ਼ੌਜੀ ਹਮਲਿਆਂ ਤੋਂ ਬਾਅਦ ਭਾਰਤ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਦੇਸ਼ ‘ਚ ਫਿਰਕੂ ਸਦਭਾਵਨਾ ਵਿਗੜਨ ਦੇ ਖ਼ਦਸ਼ੇ ਨੂੰ ਦੇਖਦਿਆਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰਕੇ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਭੜਕਾਊ ਪ੍ਰਚਾਰਕਾਂ ‘ਤੇ ਤਿੱਖੀ ਨਜ਼ਰ

28 ਫਰਵਰੀ ਨੂੰ ਜਾਰੀ ਕੀਤੇ ਗਏ ਪੱਤਰ ‘ਚ ਗ੍ਰਹਿ ਮੰਤਰਾਲੇ ਨੇ ਚਿਤਾਵਨੀ ਦਿੱਤੀ ਹੈ ਕਿ ਪੱਛਮੀ ਦੇਸ਼ਾਂ ਅਤੇ ਈਰਾਨ ਵਿਚਾਲੇ ਵਧ ਰਹੇ ਤਣਾਅ ਦਾ ਅਸਰ ਭਾਰਤ ‘ਚ ਵੀ ਦੇਖਣ ਨੂੰ ਮਿਲ ਸਕਦਾ ਹੈ। ਮੰਤਰਾਲੇ ਨੇ ਸੂਬਿਆਂ ਨੂੰ ਕਿਹਾ ਹੈ ਕਿ ਉਹ ਅਜਿਹੇ “ਕੱਟੜਪੰਥੀ ਪ੍ਰਚਾਰਕਾਂ” ਦੀ ਪਛਾਣ ਕਰਨ ਅਤੇ ਉਨ੍ਹਾਂ ‘ਤੇ ਤਿੱਖੀ ਨਜ਼ਰ ਰੱਖਣ, ਜੋ ਧਾਰਮਿਕ ਸਭਾਵਾਂ ਜਾਂ ਇਕੱਠਾਂ ‘ਚ ਈਰਾਨ ਦੇ ਪੱਖ ‘ਚ ਭੜਕਾਊ ਭਾਸ਼ਣ ਦੇ ਕੇ ਫਿਰਕੂ ਤਣਾਅ ਪੈਦਾ ਕਰ ਸਕਦੇ ਹਨ।

ਖ਼ੁਫ਼ੀਆ ਤੰਤਰ ਨੂੰ ਮਜ਼ਬੂਤ ਕਰਨ ਦੀ ਹਦਾਇਤ

ਗ੍ਰਹਿ ਮੰਤਰਾਲੇ ਨੇ ਸੂਬਾ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੂੰ ਆਪਸੀ ਤਾਲਮੇਲ ਵਧਾਉਣ ਅਤੇ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ। ਸਰਕਾਰ ਦਾ ਮੰਨਣਾ ਹੈ ਕਿ ਅੰਤਰਰਾਸ਼ਟਰੀ ਘਟਨਾਵਾਂ ਦੀ ਆੜ ‘ਚ ਕੁਝ ਸ਼ਰਾਰਤੀ ਅਨਸਰ ਸਥਾਨਕ ਪੱਧਰ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।

ਭਾਰਤ ਦੀ ਚਿੰਤਾ

ਜ਼ਿਕਰਯੋਗ ਹੈ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਆਪ੍ਰੇਸ਼ਨ ਨੇ ਈਰਾਨ ਦੇ ਕਈ ਸ਼ਹਿਰਾਂ ਅਤੇ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਭਾਰਤ ਨੇ ਪਹਿਲਾਂ ਹੀ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਖਾੜੀ ਦੇਸ਼ਾਂ ਨਚ ਵੱਡੀ ਗਿਣਤੀ ‘ਚ ਭਾਰਤੀ ਨਾਗਰਿਕ ਰਹਿ ਰਹੇ ਹਨ, ਜਿਸ ਕਾਰਨ ਭਾਰਤ ਇਸ ਜੰਗ ਦੇ ਭੂ-ਰਾਜਨੀਤਿਕ ਅਤੇ ਅੰਦਰੂਨੀ ਸੁਰੱਖਿਆ ਪ੍ਰਭਾਵਾਂ ਨੂੰ ਲੈ ਕੇ ਕਾਫ਼ੀ ਗੰਭੀਰ ਹੈ।

By Rajeev Sharma

Leave a Reply

Your email address will not be published. Required fields are marked *