ਅੰਤ੍ਰਿੰਗ ਕਮੇਟੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਰੁਪਏ ਰੱਖੇ ਰਾਖਵੇਂ, ਕਣਕ ਦੀ ਬਿਜਾਈ ਲਈ ਦਿੱਤਾ ਜਾਵੇਗਾ ਬੀਜ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਗੱਲਬਾਤ ਕਰਦਿਆ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਇਕੱਤਰਤਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਵਿਚਾਰ ਚਰਚਾ ਮਗਰੋਂ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ। ਇਸ ਦੇ ਨਾਲ ਹੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ। ਹੜ੍ਹਾਂ ਨਾਲ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਜਿਨ੍ਹਾਂ ਬੱਚਿਆਂ ਦੀਆਂ ਕਿਤਾਬਾਂ ਖਰਾਬ ਹੋਈਆਂ ਹਨ, ਉਨ੍ਹਾਂ ਜ਼ਰੂਰਤਮੰਦ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਕਿਤਾਬਾਂ ਦਿੱਤੀਆਂ ਜਾਣਗੀਆਂ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹਿਲਾਂ ਤੋਂ ਮੈਡੀਕਲ ਟੀਮਾਂ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ, ਹੁਣ ਪਾਣੀ ਉਤਰਨ ਤੋਂ ਬਾਅਦ ਵਧ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ 50 ਮੈਡੀਕਲ ਵੈਨਾਂ ਇਨ੍ਹਾਂ ਇਲਾਕਿਆਂ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਲੰਗਰ ਅਤੇ ਲੋੜਵੰਦਾਂ ਨੂੰ ਰਾਸ਼ਨ ਦੇਣ ਦਾ ਕਾਰਜ ਪਹਿਲੇ ਦੀ ਤਰ੍ਹਾਂ ਨਿਰੰਤਰ ਜਾਰੀ ਰੱਖਿਆ ਜਾਵੇਗਾ।

By Gurpreet Singh

Leave a Reply

Your email address will not be published. Required fields are marked *