ਅੰਬਾਲਾ ਦੇ ਪਠਾਣਮਾਜਰਾ ਮਟੇੜੀ ਸ਼ੇਖਾਂ ਪਿੰਡ ਵਿਖੇ ਗੁਰਮਤਿ ਸਮਾਗਮ ਦੌਰਾਨ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ
ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਬਾਲਾ ਜ਼ਿਲ੍ਹੇ ਦੇ ਪਿੰਡ ਪਠਾਣਮਾਜਰਾ ਮਟੇੜੀ ਸ਼ੇਖਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਥਾਨਕ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਮਿਸ਼ਨ ਹਰਿਆਣਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਭਾਈ ਸ਼ਮਨਦੀਪ ਸਿੰਘ ਤਾਨ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਕੀਰਤਨ, ਭਾਈ ਰਘਬੀਰ ਸਿੰਘ ਖਾਲਸਾ ਢਾਡੀ ਜਥੇ ਵਲੋਂ ਢਾਡੀ ਵਾਰਾਂ, ਭਾਈ ਜ਼ੋਰਾਵਰ ਸਿੰਘ ਗੁਰਦਾਸਪੁਰੀ ਵਲੋਂ ਕਵੀਸ਼ਰੀ ਅਤੇ ਭਾਈ ਨਵਜੋਤ ਸਿੰਘ ਅਰਲੀਭੰਨ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਲਿਟਰੇਚਰ ਦੀ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਮਨੁੱਖ ਨੂੰ ਹਰ ਪਹਿਲੂ ਤੋਂ ਮਾਰਗਦਰਸ਼ਨ ਦਿੰਦੀ ਹੈ, ਸਿੱਖ ਕਿਸੇ ਵੀ ਦੇਹਧਾਰੀ ਡੰਮ ਤੇ ਅਖੌਤੀ ਬਾਬਿਆਂ ਕੋਲ ਨਹੀਂ ਜਾਂਦਾ ਬਲਕਿ ਸ਼ਬਦ ਗੁਰੂ ਦੀ ਓਟ ਆਸਰਾ ਲੈ ਕੇ ਜਿਉਂਦਾ ਹੈ। ਉਨ੍ਹਾਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣ।
ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰੇ ਸਿੱਖੀ ਦਾ ਪ੍ਰਚਾਰ ਕੇਂਦਰ ਹਨ ਜਿਨ੍ਹਾਂ ਦਾ ਪ੍ਰਬੰਧ ਪੰਥਕ ਭਾਵਨਾਵਾਂ ਅਨੁਸਾਰ ਖ਼ਾਲਸਾ ਪੰਥ ਦੇ ਹੱਥਾਂ ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਗੁਰਦੁਆਰਾ ਪ੍ਰਬੰਧਾਂ ਤੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਸੰਗਤ ਨੂੰ ਸੁਚੇਤ ਕੀਤਾ ਕਿ ਉਹ ਇਹ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖ ਭਾਵਨਾਵਾਂ ਅਨੁਸਾਰ ਹੀ ਚੱਲੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਵਿੱਚ ਹਾਜ਼ਰ ਬੀਬੀਆਂ ਤੇ ਭੈਣਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਜਨਮ ਤੋਂ ਹੀ ਸਿੱਖੀ ਨਾਲ ਜੋੜਨ ਅਤੇ ਰੋਜ਼ਾਨਾ ਸਿੱਖ ਇਤਿਹਾਸ ਨਾਲ ਸਬੰਧਤ ਸਾਖੀਆਂ ਸੁਣਾਉਣ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਮੁੱਚੇ ਸਿੱਖ ਪਰਿਵਾਰ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬੱਚੇ ਗੁਰਮੁਖੀ ਪੰਜਾਬੀ ਜ਼ਰੂਰ ਸਿੱਖਣ ਤੇ ਪੜ੍ਹਨ ਤਾਂ ਜੋ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਜੁੜ ਸਕਣ। ਉਨ੍ਹਾਂ ਸਮੂਹ ਸਿੱਖਾਂ ਨੂੰ ਸੰਗਠਤ, ਇਕਜੁੱਟ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਸਥਾਨਕ ਪ੍ਰਬੰਧਕਾਂ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਮਛੋਂਡਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਦੀਪ ਸਿੰਘ, ਸ. ਬਲਕਾਰ ਸਿੰਘ ਮਰਦੋਂ ਸਾਹਿਬ, ਸ. ਸੁਖਦੇਵ ਸਿੰਘ ਨਨਿਓਲਾ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਹਰਕੇਸ਼ ਸਿੰਘ ਮੋਹੜੀ ਅਕਾਲੀ ਆਗੂ, ਸ. ਅਮਰਜੀਤ ਸਿੰਘ ਮੋਹੜੀ, ਸ. ਬਲਜਿੰਦਰ ਸਿੰਘ ਚੁੜਿਆਲਾ ਕਿਸਾਨ ਆਗੂ, ਸ. ਜਸਬੀਰ ਸਿੰਘ, ਸ. ਬਲਦੇਵ ਸਿੰਘ ਨਿੱਜੀ ਸਹਾਇਕ, ਸ. ਜਸਕਰਨ ਸਿੰਘ ਮੀਡੀਆ ਸਲਾਹਕਾਰ, ਸ. ਗੁਰਲਾਲ ਸਿੰਘ, ਸ. ਸ਼ੇਰ ਸਿੰਘ, ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
