ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ-ਐਨਸੀਆਰ ਤੋਂ 8 ਹਫ਼ਤਿਆਂ ਵਿੱਚ ਅਵਾਰਾ ਕੁੱਤਿਆਂ ਨੂੰ ਹਟਾਉਣ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਦੁਆਰਾ ਕੀਤੀ ਜਾਵੇਗੀ। ਇਸ ਮਾਮਲੇ ਤੇ ਅੱਜ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ। ਦਰਅਸਲ, 11 ਅਗਸਤ ਨੂੰ, ਸੁਪਰੀਮ ਕੋਰਟ ਨੇ ਕੁੱਤਿਆਂ ਦੇ ਕੱਟਣ ਅਤੇ ਰੇਬੀਜ਼ ਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਦੇ ਰਿਹਾਇਸ਼ੀ ਇਲਾਕਿਆਂ ਤੋਂ ਸਾਰੇ ਅਵਾਰਾ ਕੁੱਤਿਆਂ ਨੂੰ ਹਟਾਉਣ ਅਤੇ 8 ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਸ਼ੈਲਟਰ ਹੋਮ ਭੇਜਣ ਦਾ ਹੁਕਮ ਦਿੱਤਾ ਸੀ।
ਅਦਾਲਤ ਨੇ ਇਸ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਜੱਜਾਂ ਦੇ ਬੈਂਚ ਨੇ 11 ਅਗਸਤ ਨੂੰ ਇਸ ਮਾਮਲੇ ਵਿੱਚ ਆਪਣਾ ਫੈਸਲਾ ਦਿੱਤਾ ਸੀ, ਜਿਸਦਾ ਵੱਡੇ ਪੱਧਰ ‘ਤੇ ਵਿਰੋਧ ਹੋ ਰਿਹਾ ਹੈ।
ਬੁੱਧਵਾਰ ਨੂੰ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀਆਰ ਗਵਈ ਨੇ ਇਹ ਮਾਮਲਾ ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨਵੀ ਅੰਜਾਰੀਆ ਦੇ ਵਿਸ਼ੇਸ਼ ਬੈਂਚ ਨੂੰ ਸੌਂਪ ਦਿੱਤਾ। ਇਸ ਨਵੇਂ ਬੈਂਚ ਵਿੱਚ ਉਹ ਦੋ ਜੱਜ ਨਹੀਂ ਹੋਣਗੇ ਜਿਨ੍ਹਾਂ ਨੇ ਪਹਿਲਾਂ ਫੈਸਲਾ ਦਿੱਤਾ ਸੀ। ਇਹ ਬੈਂਚ ਅੱਜ (ਵੀਰਵਾਰ) ਅਵਾਰਾ ਕੁੱਤਿਆਂ ਨਾਲ ਸਬੰਧਤ ਸਾਰੀਆਂ 4 ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਇਨ੍ਹਾਂ ਵਿੱਚੋਂ ਇੱਕ ਕੇਸ 2024 ਦਾ ਹੈ, ਜਿਸ ਵਿੱਚ ਕਾਨਫਰੰਸ ਆਫ਼ ਹਿਊਮਨ ਰਾਈਟਸ (ਇੰਡੀਆ) ਨੇ ਪਟੀਸ਼ਨ ਦਾਇਰ ਕੀਤੀ ਸੀ।
