ਬਠਿੰਡਾ- ਬਠਿੰਡਾ ਦੀ ਅਦਾਲਤ ’ਚ ਸੰਸਦ ਮੈਂਬਰ ਕੰਗਣਾ ਰਣੌਤ ਵਿਰੁੱਧ ਮਾਣਹਾਨੀ ਮਾਮਲੇ ’ਚ ਮੰਗਲਵਾਰ ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਜੱਜ ਛੁੱਟੀ ’ਤੇ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ। ਮਾਤਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਦੋ ਗਵਾਹਾਂ ਸੁਰਜੀਤ ਸਿੰਘ ਫੂਲ ਅਤੇ ਗੁਰਪ੍ਰੀਤ ਸਿੰਘ ਦੀ ਗਵਾਹੀ ਅਦਾਲਤ ’ਚ ਦਰਜ ਕੀਤੀ ਜਾਣੀ ਸੀ ਪਰ ਜੱਜ ਦੀ ਛੁੱਟੀ ਕਾਰਨ ਗਵਾਹੀ ਪੂਰੀ ਨਹੀਂ ਹੋ ਸਕੀ।
ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਦੇ ਪਾਸਪੋਰਟ ਨੂੰ ਜ਼ਬਤ ਕਰਨ ਸਬੰਧੀ ਅਦਾਲਤ ’ਚ ਅਰਜ਼ੀ ਵੀ ਦਾਇਰ ਕੀਤੀ ਸੀ, ਜਿਸਦੀ ਸੁਣਵਾਈ ਵੀ ਹੋਣੀ ਸੀ ਪਰ ਜੱਜ ਦੀ ਛੁੱਟੀ ਕਾਰਨ ਸੁਣਵਾਈ ਨਹੀਂ ਹੋ ਸਕੀ। ਅਗਲੀ ਸੁਣਵਾਈ ਦੀ ਮਿਤੀ 28 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ ਕਿਸਾਨ ਅੰਦੋਲਨ ਦੌਰਾਨ ਸੰਸਦ ਮੈਂਬਰ ਕੰਗਣਾ ਰਣੌਤ ਨੇ ਮਾਤਾ ਮਹਿੰਦਰ ਕੌਰ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਅਦਾਲਤ ’ਚ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਗਿਆ ਸੀ, ਜੋ ਇਸ ਸਮੇਂ ਸੁਣਵਾਈ ਅਧੀਨ ਹੈ।
