ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

ਗੁਰਪ੍ਰੀਤ ਸਿੰਘ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਪਾਵਨ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ ਅੱਜ 12 ਸਤੰਬਰ ਨੂੰ ਪਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਣਗੇ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

By Gurpreet Singh

Leave a Reply

Your email address will not be published. Required fields are marked *