ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਸਪਤਾਲ ‘ਚ ਜ਼ਖਮੀ ਬੱਚਿਆਂ ਦੀ ਅਣਮਿੱਥੀ ਸੇਵਾ ਦਾ ਦਿੱਤਾ ਭਰੋਸਾ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- ਸਮਾਣਾ-ਪਟਿਆਲਾ ਰੋਡ ‘ਤੇ ਅੱਜ ਦੁਪਹਿਰ ਇੱਕ ਬੇਹੱਦ ਦੁਖਦਾਈ ਅਤੇ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਇਨੋਵਾ ਕਾਰ, ਜੋ ਸਕੂਲੀ ਬੱਚਿਆਂ ਨੂੰ ਛੁੱਟੀ ਮਗਰੋਂ ਘਰ ਛੱਡਣ ਲਈ ਜਾ ਰਹੀ ਸੀ, ਇੱਕ ਤੇਜ਼ ਰਫ਼ਤਾਰ ਟਿੱਪਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਭੂਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 6 ਨੌਜਵਾਨ ਵਿਦਿਆਰਥੀਆਂ ਅਤੇ ਇਨੋਵਾ ਡਰਾਈਵਰ ਦੀ ਮੌਤ ਹੋ ਗਈ, ਜਦਕਿ ਹੋਰ ਕਈ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਹਨ।

ਹਾਦਸਾ ਸਮਾਣਾ ਸਦਰ ਪੁਲਸ ਥਾਣੇ ਦੇ ਅਧੀਨ ਆਉਣ ਵਾਲੇ ਨੱਸੂਪੁਰ ਬਸ ਅੱਡੇ ਦੇ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਇਸ ਹਾਦਸੇ ਦਾ ਕਾਰਨ ਬਣੀ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਰਾਜਿੰਦਰਾ ਹਸਪਤਾਲ, ਪਟਿਆਲਾ ਪਹੁੰਚੇ, ਜਿੱਥੇ ਜ਼ਖਮੀ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ। ਮੰਤਰੀ ਨੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿੱਤਾ ਕਿ ਜ਼ਖਮੀ ਬੱਚਿਆਂ ਨੂੰ ਸਰਕਾਰ ਵੱਲੋਂ ਪੂਰੀ ਤਰ੍ਹਾਂ ਦੀ ਡਾਕਟਰੀ ਸਹਾਇਤਾ ਦਿੱਤੀ ਜਾਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ, “ਅਸੀਂ ਇਸ ਅਸਹਿ ਦੁੱਖ ਦੀ ਘੜੀ ਵਿੱਚ ਮਾਪਿਆਂ ਦੇ ਨਾਲ ਖੜ੍ਹੇ ਹਾਂ। ਦੋਸ਼ੀ ਟਿੱਪਰ ਡਰਾਈਵਰ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”
ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਟਿੱਪਰ ਡਰਾਈਵਰ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।