
ਚੰਡੀਗੜ੍ਹ, (ਗੁਰਪ੍ਰੀਤ ਸਿੰਘ) :- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਪੱਧਰ ‘ਤੇ ਕੀਤੇ ਗਏ ਫੇਰਬਦਲ ਦੇ ਤਹਿਤ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ ਅਤੇ ਸੰਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਕਿਹਾ ਗਿਆ ਹੈ।
ਗਿਰੀਸ਼ ਦਿਆਲਨ (ਆਈਏਐਸ, 2011 ਬੈਚ) ਇਸ ਵੇਲੇ ਰਜਿਸਟਰਾਰ, ਸਹਿਕਾਰੀ ਸਭਾਵਾਂ ਪੰਜਾਬ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਿਟਡ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਵੀ ਹੈ। ਹੁਣ ਉਨ੍ਹਾਂ ਨੂੰ ਪ੍ਰੀਤੀ ਯਾਦਵ ਦੀ ਥਾਂ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।
ਪ੍ਰੀਤੀ ਯਾਦਵ (ਆਈਏਐਸ, 2014 ਬੈਚ), ਜੋ ਪਹਿਲਾਂ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਦੇ ਤੌਰ ‘ਤੇ ਸੇਵਾ ਨਿਭਾ ਰਹੀ ਸੀ, ਨੂੰ ਹੁਣ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦੋਵਾਂ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਪੋਸਟਿੰਗਾਂ ‘ਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
