ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਅਖ਼ੀਰਲਾ ਦਿਨ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਦੀ ਕਾਰਵਾਈ ਦੀ ਸ਼ੁਰੂਆਤ ਅਰਦਾਸ ਦੇ ਨਾਲ ਕੀਤੀ ਗਈ। ਇਸ ਮਗਰੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਕੈਬਨਿਟ ਮੰਤਰੀ ਵੱਲੋਂ ਡਾ. ਰਵਜੋਤ ਵੱਲੋਂ ਫੌਜਾ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਸਤਾਅ ਪੇਸ਼ ਕੀਤਾ ਗਿਆ। ਇੱਥੇ ਦੱਸ ਦਈਏ ਕਿ ਫੌਜਾ ਸਿੰਘ 114 ਸਾਲ ਦੇ ਸਨ ਤੇ ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਦੌੜਾਕ ਕਿਹਾ ਜਾਂਦਾ ਹੈ। ਉਹ ਜਲੰਧਰ ਦੇ ਬਿਆਸ ਪਿੰਡ ਰਹਿਣ ਵਾਲੇ ਸਨ ਤੇ ਬੀਤੀ ਰਾਤ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਜਦੋਂ ਫੌਜਾ ਸਿੰਘ 89 ਸਾਲਾਂ ਦੇ ਸਨ ਤਾਂ ਉਨ੍ਹਾਂ ਦੀ ਪਤਨੀ ਅਤੇ ਬੱਚੇ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ੀ ਵੱਡਾ ਸਦਮਾ ਲੱਗਾ ਅਤੇ ਉਹ ਤਣਾਅ ਵਿਚ ਰਹਿਣ ਲੱਗ ਪਏ। ਉਦੋਂ ਤੋਂ ਹੀ ਉਨ੍ਹਾਂ ਨੇ ਮੈਰਾਥਨ ਦੌੜਨ ਦਾ ਫ਼ੈਸਲਾ ਕੀਤਾ ਤੇ ਕਈ ਖ਼ਿਤਾਬ ਵੀ ਜਿੱਤੇ।
