ਗੁਰਪ੍ਰੀਤ ਸਿੰਘ :- ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੇ ਦੋ ਸੰਗਠਿਤ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 5.438 ਕਿਲੋਗ੍ਰਾਮ ਹੈਰੋਇਨ, ਤਿੰਨ ਆਧੁਨਿਕ ਪਿਸਤੌਲ, 34 ਜਿੰਦਾ ਕਾਰਤੂਸ ਅਤੇ 4500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਬਰਾਮਦ ਕੀਤੇ ਹਥਿਆਰਾਂ ਵਿੱਚ ਇੱਕ ਗਲਾਕ (Glock) 9 MM, ਇੱਕ ਜ਼ਿਗਾਨਾ (Zigana) 9 MM ਅਤੇ ਇੱਕ .32 ਬੋਰ ਦੀ ਪਿਸਤੌਲ ਸ਼ਾਮਲ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਇਨ੍ਹਾਂ ਤਸਕਰਾਂ ਵੱਲੋਂ ਡਰੋਨ ਜਾਂ ਹੋਰ ਸਾਧਨਾਂ ਰਾਹੀਂ ਭਾਰਤੀ ਸਰਹੱਦ ਵਿੱਚ ਹੈਰੋਇਨ ਅਤੇ ਹਥਿਆਰ ਪਹੁੰਚਾਏ ਜਾਂਦੇ ਸਨ, ਜਿਨ੍ਹਾਂ ਨੂੰ ਮੁਲਜ਼ਮ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ।
ਗਿਰੋਹ ਨੇ ਤੈਅ ਕੀਤੀਆਂ ਹੋਈਆਂ ਸਨ ਜ਼ਿੰਮੇਵਾਰੀਆਂ
ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਇਹ ਨੈੱਟਵਰਕ ਪੂਰੀ ਤਰ੍ਹਾਂ ਸੰਗਠਿਤ ਤਰੀਕੇ ਨਾਲ ਕੰਮ ਕਰ ਰਿਹਾ ਸੀ। ਸਪਲਾਈ ਚੇਨ ਨੂੰ ਅੱਗੇ ਵਧਾਉਣ ਲਈ ਵੱਖ-ਵੱਖ ਪੱਧਰਾਂ ‘ਤੇ ਜ਼ਿੰਮੇਵਾਰੀਆਂ ਤੈਅ ਸਨ। ਪੁਲਿਸ ਦਾ ਮੰਨਣਾ ਹੈ ਕਿ ਇਸ ਮਾਡਿਊਲ ਦੀਆਂ ਤਾਰਾਂ ਸਰਹੱਦ ਪਾਰ ਬੈਠੇ ਸੰਚਾਲਕਾਂ ਨਾਲ ਜੁੜੀਆਂ ਹੋ ਸਕਦੀਆਂ ਹਨ। ਇਸੇ ਪਹਿਲੂ ਨੂੰ ਲੈ ਕੇ ਜਾਂਚ ਏਜੰਸੀਆਂ ਡੂੰਘਾਈ ਨਾਲ ਪੜਤਾਲ ਕਰ ਰਹੀਆਂ ਹਨ।
ਮਾਮਲੇ ਵਿੱਚ NDPS ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਐਫਆਈਆਰ (FIR) ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ (Forward and Backward links) ਦੀ ਜਾਂਚ ਕਰ ਰਹੀ ਹੈ, ਤਾਂ ਜੋ ਪੂਰੇ ਗਿਰੋਹ ਨੂੰ ਖਤਮ ਕੀਤਾ ਜਾ ਸਕੇ
ਜਲਦ ਹੋ ਸਕਦੀਆਂ ਹਨ ਹੋਰ ਗ੍ਰਿਫ਼ਤਾਰੀਆਂ
ਹਾਲਾਂਕਿ ਇਸ ਕਾਰਵਾਈ ਤੋਂ ਬਾਅਦ ਇਹ ਸਵਾਲ ਵੀ ਉੱਠ ਰਹੇ ਹਨ ਕਿ ਆਖਿਰ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਆਧੁਨਿਕ ਹਥਿਆਰ ਸਰਹੱਦ ਪਾਰੋਂ ਲਗਾਤਾਰ ਕਿਵੇਂ ਪਹੁੰਚ ਰਹੇ ਹਨ। ਸੁਰੱਖਿਆ ਪ੍ਰਬੰਧਾਂ ਅਤੇ ਸਰਹੱਦੀ ਨਿਗਰਾਨੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਪਹਿਲਾਂ ਵੀ ਚਿੰਤਾ ਜਤਾਈ ਜਾਂਦੀ ਰਹੀ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਜਾਰੀ ਰਹੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ।
