ਗੁਰਪ੍ਰੀਤ ਸਿੰਘ :- ਮਾਨਸਾ ਵਿੱਚ ਬਲਾਕ ਸਮਿਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰਿਮੋਣੀ ਅਕਾਲੀ ਦਲ ਨੇ ਚੋਣ ਦੌਰਾਨ ਧੱਕੇਸ਼ਾਹੀ ਦੇ ਦੋਸ਼ ਲਗਾਉਂਦੇ ਹੋਏ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਨਾਰੇਬਾਜ਼ੀ ਕੀਤੀ। ਇਸ ਹੰਗਾਮੇ ਦੇ ਚਲਦੇ ਚੋਣ ਨੂੰ ਰੱਦ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਮਾਨਸਾ ਬਲਾਕ ਸਮਿਤੀ ਦੀਆਂ ਕੁੱਲ 25 ਸੀਟਾਂ ਵਿੱਚੋਂ 13 ਸੀਟਾਂ ਸ਼ਿਰੋਮਣੀ ਅਕਾਲੀ ਦਲ ਨੇ ਜਿੱਤੀਆਂ ਹਨ, ਜਦਕਿ 8 ਸੀਟਾਂ Aam Aadmi Party ਦੇ ਖਾਤੇ ਵਿੱਚ ਗਈਆਂ ਹਨ। ਇਸ ਤੋਂ ਇਲਾਵਾ 2 ਸੀਟਾਂ ਭਾਰਤੀ ਰਾਸ਼ਟਰੀ ਕਾਂਗਰਸ ਨੂੰ ਮਿਲੀਆਂ ਹਨ, ਜਦਕਿ ਇੱਕ ਆਜ਼ਾਦ ਅਤੇ ਇੱਕ ਆਪ ਉਮੀਦਵਾਰ ਦੀ ਸਹਿਮਤੀ ਨਾਲ ਚੋਣ ਹੋਈ ਸੀ।
ਸ਼੍ਰਿਮੋਣੀ ਅਕਾਲੀ ਦਲ ਦੇ ਬਲਾਕ ਸਮਿਤੀ ਮੈਂਬਰਾਂ ਨੇ ਦੋਸ਼ ਲਗਾਇਆ ਕਿ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਦੌਰਾਨ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਚੋਣ ਕੇਂਦਰ ਵਿੱਚ ਵੀਡੀਓਗ੍ਰਾਫੀ ਨਹੀਂ ਕਰਵਾਈ ਜਾ ਰਹੀ ਅਤੇ ਵੋਟਿੰਗ ਬੈਲਟ ਪੇਪਰ ਰਾਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਮਾਨਸਾ ਦੇ ਵਿਧਾਇਕ ਅਤੇ ਉਨ੍ਹਾਂ ਦੇ ਪੀਏ ਵੱਲੋਂ ਚੋਣ ਆਪਣੇ ਸਾਹਮਣੇ ਕਰਵਾਉਣ ਦੀ ਜ਼ਿਦ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਆਗੂਆਂ ਅਤੇ ਮੈਂਬਰਾਂ ਨੇ ਸਰਕਾਰ ਦੇ ਖ਼ਿਲਾਫ਼ ਨਾਰੇਬਾਜ਼ੀ ਕੀਤੀ।
ਦੂਜੇ ਪਾਸੇ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਪੂਰਾ ਬਹੁਮਤ ਹੈ ਅਤੇ ਚੋਣ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵੀਡੀਓਗ੍ਰਾਫੀ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਨਾ ਕਿ ਵਿਧਾਇਕ ਦੀ।
