ਜੇਲ੍ਹ ‘ਚ ਹਵਾਲਾਤੀ ਦੀ ਮੌਤ ਮਗਰੋਂ ਹੰਗਾਮਾ; ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਗੂੰਜੇ ‘ਮੁਰਦਾਬਾਦ’ ਦੇ ਨਾਅਰੇ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਤੋਂ ਬਾਅਦ ਜੇਲ੍ਹ ਅੰਦਰ ਰੋਸ ਅਤੇ ਹੰਗਾਮੇ ਦੀ ਸਥਿਤੀ ਬਣ ਗਈ। ਮ੍ਰਿਤਕ ਦੀ ਪਛਾਣ ਪ੍ਰੀਤਪਾਲ ਸਿੰਘ ਵਜੋਂ ਹੋਈ ਹੈ, ਜੋ NDPS ਮਾਮਲੇ ਤਹਿਤ ਕਰੀਬ ਸੱਤ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ। ਮਿਲੀ ਜਾਣਕਾਰੀ ਅਨੁਸਾਰ ਪ੍ਰੀਤਪਾਲ ਸਿੰਘ ਦੇ ਭਰਾ ਦੀ ਕੁਝ ਦਿਨ ਪਹਿਲਾਂ ਮੌਤ ਹੋਈ ਸੀ। ਉਹ ਆਪਣੇ ਭਰਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਤੋਂ ਬਾਹਰ ਆਇਆ ਸੀ।

ਦੇਰ ਸ਼ਾਮ ਸਸਕਾਰ ਕਰਨ ਤੋਂ ਬਾਅਦ ਜਦੋਂ ਉਹ ਮੁੜ ਕੇਂਦਰੀ ਜੇਲ੍ਹ ਪਹੁੰਚਿਆ ਤਾਂ ਰਾਤ ਸਮੇਂ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਜੇਲ੍ਹ ਪ੍ਰਸ਼ਾਸਨ ਮੁਤਾਬਕ ਪ੍ਰੀਤਪਾਲ ਸਿੰਘ ਦਾ ਬਲੱਡ ਪ੍ਰੈਸ਼ਰ ਅਚਾਨਕ ਬਹੁਤ ਘੱਟ ਹੋ ਗਿਆ। ਜੇਲ੍ਹ ਦੇ ਮੈਡੀਕਲ ਅਧਿਕਾਰੀ ਵੱਲੋਂ ਉਸ ਨੂੰ ਤੁਰੰਤ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕੀਤਾ ਗਿਆ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਹਵਾਲਾਤੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਗਏ ਹਨ। ਇੱਕ ਹਵਾਲਾਤੀ ਲਖਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਰਾਤ ਕਰੀਬ 12 ਵਜੇ ਪ੍ਰੀਤਪਾਲ ਦੀ ਤਬੀਅਤ ਬਹੁਤ ਖਰਾਬ ਹੋ ਗਈ ਸੀ ਅਤੇ ਉਸ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਨਾ ਮਿਲਣ ਕਾਰਨ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਜੇਲ੍ਹ ਅੰਦਰ ਬੰਦੀਆਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਸਾਹਮਣੇ ਆਈ ਦੱਸੀ ਜਾ ਰਹੀ ਵੀਡੀਓ ਨੂੰ ਲੈ ਕੇ ਵੀ ਚਰਚਾ ਤੇਜ਼ ਹੋ ਗਈ ਹੈ ਅਤੇ ਜੇਲ੍ਹ ਪ੍ਰਬੰਧਾਂ ’ਤੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਮੌਤ ਦਾ ਕਾਰਨ ਬਲੱਡ ਪ੍ਰੈਸ਼ਰ ਘਟਣਾ ਦੱਸਿਆ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਜੁਡੀਸ਼ੀਅਲ ਇਨਕੁਆਇਰੀ ਤੋਂ ਬਾਅਦ ਹੀ ਹੋਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *