ਸ਼ੰਭੂ-ਖਨੌਰੀ ‘ਤੇ ਪੁਲਿਸ ਤਾਇਨਾਤੀ ਤੇ ਇੰਟਰਨੈੱਟ ਬੰਦ
ਨੈਸ਼ਨਲ ਟਾਈਮਜ਼ ਬਿਊਰੋ :- ਬੁੱਧਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ 7ਵੇਂ ਦੌਰ ਦੀ ਗੱਲਬਾਤ ਹੋਈ, ਜਿਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਸਨ। ਗੱਲਬਾਤ ਕਰਕੇ ਵਾਪਸ ਆ ਰਹੇ ਕਿਸਾਨ ਆਗੂਆਂ ਨੂੰ ਮੋਹਾਲੀ ਵਿਖੇ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਗ੍ਰਿਫ਼ਤਾਰ ਕੀਤੇ ਗਏ ਆਗੂਆਂ ਵਿੱਚ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਜਗਜੀਤ ਸਿੰਘ ਡੱਲੇਵਾਲ, ਸੁਖਵਿੰਦਰ ਕੌਰ, ਕਾਕਾ ਸਿੰਘ ਕੋਟੜਾ ਸਮੇਤ ਹੋਰ ਕਈ ਆਗੂ ਸ਼ਾਮਲ ਹਨ।
ਉੱਧਰ, ਸ਼ੰਭੂ ਅਤੇ ਖਨੌਰੀ ਸਰਹੱਦਾਂ ਦੇ ਆਲੇ-ਦੁਆਲੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਿਸ ਨੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਮੌਜੂਦ ਕਿਸਾਨ ਮੋਰਚਿਆਂ ਨੂੰ ਖਾਲੀ ਕਰਵਾ ਲਿਆ। ਐੱਸਕੇਐੱਮ ਨੇ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਕਿਸਾਨ ਜਥੇਬੰਦੀਆਂ ਨੇ ਆਖਿਆ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਵਾਪਸ ਆ ਰਹੇ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਸਰਕਾਰ ਦੀ ਨੀਤੀ ਨੂੰ ਦੱਸਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਹੱਕਾਂ ਦੀ ਰੱਖਿਆ ਕਰਨ ਦੀ ਬਜਾਏ ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਸੁਰੱਖਿਆ ਕਰ ਰਹੀ ਹੈ।
ਸ਼ੰਭੂ ਅਤੇ ਖਨੌਰੀ ‘ਤੇ ਪੁਲਿਸ ਦੀ ਵੱਡੀ ਤਾਇਨਾਤੀ ਹੋ ਚੁੱਕੀ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ ਅਤੇ ਕਿਸਾਨਾਂ ਦੇ ਹੱਕ ਲਈ ਅੱਗੇ ਵੀ ਲੜਾਈ ਲੜਣਗੇ।
