ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ਤੇ ਵੱਖ ਵੱਖ ਸਿਆਸੀ ਤੇ ਪੰਥਕ ਪ੍ਰਤੀਕਰਮ, ਕੀ ਅਕਾਲੀ ਦਲ ਦੀ ਵੱਡੀ ਭੁੱਲ!

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ। ਜਦੋਂ ਕਿ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਕੋਈ ਚਰਚਾ ਨਹੀਂ ਹੋਈ ਹੈ।

ਜਥੇਦਾਰਾਂ ਨੂੰ ਹਟਾਏ ਜਾਣ ਤੇ ਵੱਖ ਵੱਖ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਦੇ ਕੀ ਪ੍ਰਤੀਕਰਮ ਆਏ

ਜਥੇਦਾਰ ਨੂੰ ਹਟਾਏ ਜਾਣ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਰਾਜਨੀਤੀ ਧਰਮ ਨੂੰ ਸਿੱਖਿਆ ਦੇਣ ਲੱਗ ਗਈ ਤਾਂ ਇਹ ਹਾਲ ਹੋ ਗਿਆ। ਜਿਹੜੀ ਅੰਤਰਿੰਗ ਕਮੇਟੀ ਨੇ ਫੈਸਲਾ ਲਿਆ ਹੈ ਉਸ ਨੂੰ ਆਪ 12-13 ਸਾਲ ਹੋ ਗਏ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਆਪ ਤਾਂ ਵੈਲਿਡ ਹੋ ਜਾਓ, ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਐਸਜੀਪੀਸੀ ਚੋਣ ਕਰਵਾਉਣ ਦੀ ਅਪੀਲ ਕਰਦੇ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਕਬਜ਼ਾ ਕਰਕੇ ਬੈਠ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਜੇਬਾਂ ਵਿਚੋਂ ਨਿਕਲਦੇ ਹਨ। ਕਦੇ ਜਥੇਦਾਰ ਨੂੰ ਜੇਬ ਵਿੱਚ ਪਾ ਲਿਆ ਕਦੇ ਕੱਢ ਲਿਆ। ਸੀਐੱਮ ਮਾਨ ਨੇ ਕਿਹਾ ਹੈ ਕਿ ਇਹ ਕਾਰਵਾਈ ਬਦਲਾਖ਼ੋਰੀ ਤਹਿਤ ਕਾਰਵਾਈ ਹੋਈ। ਉਨ੍ਹਾਂ ਨੇ ਕਿਹਾ ਹੈਕਿ ਜਥੇਦਾਰ ਦਾ ਅਹੁਦਾ ਬਹੁਤ ਵੱਡਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਾਰੇ ਗੁਨਾਹ ਮੰਨਣ ਤੋਂ ਬਾਅਦ ਵੀ ਹੁਣ ਤੁਸੀ ਕਾਰਵਾਈ ਕਰ ਰਹੇ ਹੋ।

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਨੂੰ ਬਦਲੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ, ਪੰਥਕ ਸੰਸਥਾਵਾਂ ਅਤੇ ਸਾਰਿਆਂ ਲਈ ਅੱਜ ਕਲਾ ਦਿਨ ਹੈ। ਦੋ ਤਖਤਾਂ ਦੇ ਜਥੇਦਾਰ ਅੱਜ ਤਬਦੀਲ ਕਰ ਦਿੱਤੇ ਗਏ, ਕਾਰਨ 2 ਦਸੰਬਰ ਨੂੰ ਜਾਰੀ ਕੀਤਾ ਹੁਕਮਨਾਮਾ।

ਮੇਰੀ ਕਿਰਦਾਰਕੁਸ਼ੀ ਕਰਨ ਪਿੱਛੇ ਵੀ ਮੁੱਖ ਕਾਰਨ 2 ਦਸੰਬਰ ਵਾਲਾ ਹੁਕਮਨਾਮਾ ਸੀ। ਸਿੱਖ ਇਤਿਹਾਸ ‘ਚ ਇੱਕ ਘਟਨਾ ਦਾ ਉਲੇਖ ਮਿਲਦਾ ਹੈ ਜਦੋਂ ਗੁਰੂ ਗੋਬਿੰਦ ਸਿੰਘ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖ਼ਬਰ ਮਿਲੀ ਸੀ ਤਾਂ ਉਨ੍ਹਾਂ ਨੇ ਇੱਕ ਸ਼ਬਦ ਕਿਹਾ ਸੀ ਮੂੰਹੋਂ ਕਿ ਅੱਜ ਮੁਗ਼ਲ ਰਾਜ ਦੀ ਜੜ੍ਹ ਪੁੱਟੀ ਗਈ ਹੈ।

ਅੱਜ ਸੰਸਥਾਵਾਂ ਦਾ ਦੁਰਉਪਯੋਗ ਕਰਨ ਵਾਲੇ ਪਰਿਵਾਰ ਦੀ ਜੜ੍ਹ ਪੁੱਟੀ ਗਈ। ਬਹੁਤ ਮੰਦਭਾਗਾ ਫ਼ੈਸਲਾ ਸੁਣਨ ਨੂੰ ਮਿਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਗਿਆਨੀ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਪ੍ਰਭਾਵ ਹੇਠ ਕੰਮ ਕਰਨ ਵਾਲੇ ਜਥੇਦਾਰ ਮਰਿਆਦਾ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਜਥੇਦਾਰਾਂ ਦੀ ਨਿਯੁਕਤੀ ਸੁਆਗਤ ਯੋਗ ਹੈ। ਸਰਨਾ ਨੇ ਕਿਹਾ, ਮੇਰੀ ਸੇਵਾ ਸੰਭਾਲ ਰਹੇ ਸਿੰਘ ਸਾਹਿਬਾਨਾਂ ਨੂੰ ਬੇਨਤੀ ਹੈ ਕਿ ਉਹ ਪੰਥ ਦੀਆਂ ਪਰੰਪਰਾਵਾਂ ਤੇ ਪਹਿਰੇ ਦਿੰਦੇ ਹੋਏ ਜਿੱਥੇ ਕੌਮ ਨੂੰ ਜ਼ਰੂਰੀ ਹੀ ਸਿਧਾਂਤਕ ਅਗਵਾਈ ਦੇਣ ਉਸਦੇ ਨਾਲ ਹੀ ਧਰਮ ਪ੍ਰਚਾਰ ਦੀ ਲਹਿਰ ਨੂੰ ਵੀ ਪ੍ਰਚੰਡ ਕਰਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਬਰਖਾਸਤ ਕਰਨ ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕੀਤੀ ਹੈ।

ਇਸ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਕਿਹਾ, ਇੱਕ ਮਹੀਨਾ ਪਹਿਲਾਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਬਰਖਾਸਤ ਕਰਨ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਬਰਖਾਸਤ ਕਰਨਾ, ਸਿੱਖ ਇਤਿਹਾਸ ਦੇ ਸਭ ਤੋਂ ਦੁਖਦਾਈ ਦਿਨਾਂ ਵਿੱਚੋਂ ਇੱਕ ਹੈ!

ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਜਥੇਦਾਰ ਸਹਿਬਾਨਾਂ ਨੂੰ ਕਿਉਂ ਬਰਖਾਸਤ ਕੀਤਾ ਗਿਆ ਹੈ, ਕਿਉਂਕਿ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਧਾਰਮਿਕ ਦੁਰਾਚਾਰ ਦਾ ਦੋਸ਼ੀ ਠਹਿਰਾਇਆ ਸੀ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਫਖ਼ਰ-ਏ-ਕੌਮ ਦੀ ਉਪਾਧੀ ਤੋਂ ਵਾਂਝਾ ਕਰ ਦਿਤਾ।

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਗਈਆ ਹਨ ਮੈਂ ਇਸ ਫੈਸਲੇ ਦੀ ਨਿਖੇਧੀ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਬਾਅ ਹੇਠ ਤਾਨਾਸ਼ਾਹੀ ਫੈਸਲੇ ਲਏ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਗਿਆਨੀ ਹਰਪ੍ਰੀਤ ਸਿੰਘ ਹਟਾਇਆ ਫਿਰ ਧਾਮੀ ਨੂੰ ਅਸਤੀਫਾ ਦੇਣਾ ਪਿਆ, ਉਨ੍ਹਾਂ ਨੇ ਕਿਹਾ ਹੈ ਕਿ ਹੁਣ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ।

ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਗਿਆਨੀ ਰਘਵੀਰ ਸਿੰਘ ਤੇ ਆਏ ਫ਼ੈਸਲੇ ਤੋਂ ਬਾਅਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਕਾਲੇ ਦਿਵਸ ਦੇ ਨਾਂ ਤੋਂ ਜਾਣਿਆ ਜਾਏਗਾ। ਉਨ੍ਹਾਂ ਨੇ ਕਿਹਾ ਕਿ ਖਿਲਰੀ ਹੋਈ ਪੰਥ ਦੀ ਸ਼ਕਤੀ ਨੂੰ, ਟੋਟੇ -ਟੋਟੇ ਹੋਏ ਪੰਥ ਨੂੰ ਜੋੜਨ ਦਾ ਯਤਨ ਕੀਤਾ ਜਾਵੇ, ਕਿਉਂਕਿ ਪੰਥ ਅੱਗੇ ਬਹੁਤ ਚੁਣੌਤੀਆਂ ਹਨ। ਪਰ ਕੁਝ ਸਾਜਸੀ ਲੋਕਾਂ ਨੇ ਪੰਥ ਨੂੰ ਤੋੜਨ ਦਾ ਯਤਨ ਕੀਤਾ ਜੋ ਬੜੇ ਦੁੱਖ ਦੀ ਗੱਲ ਹੈ, ਪੰਜਾਬ ਲਵਾਰਿਸ ਹੋਇਆ ਪਿਆ ਹੈ, ਇਸ ਦਾ ਬਾਲੀ ਵਾਰਿਸ ਕੋਈ ਨਹੀਂ ਹੈ।

By Gurpreet Singh

Leave a Reply

Your email address will not be published. Required fields are marked *