ਚੰਡੀਗੜ੍ਹ/ਜਲੰਧਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਨੂੰ ਲਗਾਤਾਰ ਛੇਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 501 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 53 ਐੱਫ਼. ਆਈ. ਆਰ. ਦਰਜ ਕਰਕੇ 75 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ 6 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 622 ਹੋ ਗਈ ਹੈ।
ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 8.2 ਕਿੱਲੋਗ੍ਰਾਮ ਹੈਰੋਇਨ, 4.5 ਕਿੱਲੋਗ੍ਰਾਮ ਅਫ਼ੀਮ, 1294 ਨਸ਼ੀਲੀਆਂ ਗੋਲ਼ੀਆਂ/ਟੀਕੇ ਅਤੇ 1.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਇਕੋ ਸਮੇਂ ਕੀਤੀ ਗਈ।