ਜਲ ਸਰੋਤ ਮੰਤਰੀ ਨੇ ਫਿਰੋਜ਼ਪੁਰ ਦੇ ਦਰਿਆ ਨਾਲ ਲੱਗਦੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਨੈਸ਼ਨਲ ਟਾਈਮਜ਼ ਬਿਊਰੋ :- ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਫਿਰੋਜ਼ਪੁਰ ਦੇ ਪਿੰਡਾਂ ਟੇਂਡੀ ਵਾਲਾ, ਗਜ਼ਨੀ ਵਾਲਾ ਤੇ ਧੀਰਾ ਘਾਰਾਂ ‘ਚ ਪਾਣੀ ਦਾ ਪੱਧਰ ਵੱਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ‘ਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ‘ਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀਆਂ ਫ਼ਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।

ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਗੁਰੂਹਰਸਹਾਏ ਫ਼ੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਤੇ ਦਰਪੇਸ਼ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ। ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿਚ ਤੁਰੰਤ ਵਰਤੋਂ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜੀਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਤੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਐੱਸ. ਡੀ. ਐੱਮ. ਗੁਰਮੀਤ ਸਿੰਘ, ਐੱਸ. ਡੀ.ਐੱਮ. ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ, ਆਰ. ਟੀ. ਏ. ਅਮਨਦੀਪ, ਐੱਸ. ਈ. ਰਾਜਨ ਢੀਂਗਰਾ, ਸੰਦੀਪ ਗੋਇਲ, ਅਮਨਦੀਪ ਕੌਰ ਗੋਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *