ਤਰਨਤਾਰਨ- ਤਰਨਤਾਰਨ ਪੁਲਸ ਵੱਲੋਂ ਇਕ ਅੰਤਰਰਾਸ਼ਟਰੀ ਹਥਿਆਰ ਸਮੱਗਲਰ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 1 ਪਿਸਤੌਲ 9 ਐੱਮ.ਐੱਮ, 3 ਜਿੰਦਾ ਰੌਂਦ, 1 ਪਿਸਤੌਲ 30 ਬੋਰ, 5 ਲੱਖ 20,160 ਰੁਪਏ ਡਰੱਗ ਮਨੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਜਿਸ ਦੇ ਸਬੰਧ ਵਿਚ ਥਾਣਾ ਖੇਮਕਰਨ ਵਿਖੇ ਪਰਚਾ ਦਰਜ ਕਰ ਮੁਲਜ਼ਮ ਦਾ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਪਾਕਿਸਤਾਨ ਵਿਚ ਬੈਠੇ ਹਥਿਆਰ ਸਮੱਗਲਰਾਂ ਨਾਲ ਸਬੰਧ ਪਾਏ ਗਏ ਹਨ, ਜਿਨ੍ਹਾਂ ਪਾਸੋਂ ਉਹ ਕਈ ਖੇਪਾਂ ਵੱਖ-ਵੱਖ ਢੰਗ ਤਰੀਕਿਆਂ ਰਾਹੀਂ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰ ਚੁੱਕਾ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੂੰ ਮਿਲੀ ਸੂਚਨਾ ਦੇ ਆਧਾਰ ਉਪਰ ਤੁਰੰਤ ਕਾਰਵਾਈ ਕਰਦੇ ਹੋਏ ਜਗਮੋਹਨ ਸਿੰਘ ਉਰਫ ਜੱਗੂ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਕਲਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਪਾਸੋਂ ਇਕ ਪਿਸਤੌਲ 9 ਐੱਮ.ਐੱਮ ਸਮੇਤ 3 ਜਿੰਦਾ ਰੌਂਦ, ਇਕ ਪਿਸਤੌਲ 30 ਬੋਰ ਸਟਾਰ ਅਤੇ 5 ਲੱਖ 20 ਹਜ਼ਾਰ 160 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਖੇਮਕਰਨ ਵਿਖੇ ਪਰਚਾ ਦਰਜ ਕਰਨ ਉਪਰੰਤ ਕੀਤੀ ਗਈ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਜਗਮੋਹਨ ਸਿੰਘ ਦੇ ਪਾਕਿਸਤਾਨ ਵਿਚ ਬੈਠੇ ਹਥਿਆਰ ਸਮੱਗਲਰਾਂ ਨਾਲ ਸਬੰਧ ਹਨ ਜੋ ਉਨ੍ਹਾਂ ਨਾਲ ਸੰਪਰਕ ਬਣਾ ਕੇ ਬਾਰਡਰ ਤੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਹਥਿਆਰਾਂ ਦੀ ਸਮੱਗਲਿੰਗ ਕਰਦੇ ਹੋਏ ਵੱਡੀਆਂ ਖੇਪਾਂ ਮੰਗਵਾ ਕੇ ਤਰਨਤਾਰਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਸਪਲਾਈ ਕਰਨ ਦਾ ਕੰਮ ਕਰਦਾ ਸੀ। ਐੱਸ.ਐੱਸ.ਪੀ ਨੇ ਦੱਸਿਆ ਕਿ ਗ੍ਰਿਫਤਾਰੀ ਤੋਂ ਬਾਅਦ ਪੁਲਸ ਵੱਲੋਂ ਇਸਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।