ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ 10 ਮਈ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਲਈ ਨਾ ਤਾਂ ਮੀਂਹ ਅਤੇ ਨਾ ਹੀ ਹੀਟ ਵੇਵ ਨੂੰ ਲੈ ਕੇ ਕੋਈ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ 11 ਮਈ ਤੋਂ ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ, ਬਿਜਲੀ ਕੜਕਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।
ਸ਼ੁੱਕਰਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਹਾਲੇ ਵੀ ਆਮ ਤਾਪਮਾਨ ਨਾਲੋਂ ਲਗਭਗ 3 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਹੇਠਾਂ
ਮੌਜੂਦਾ ਸਮੇਂ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ ਨਹੀਂ ਗਿਆ। ਬਠਿੰਡਾ ਵਿੱਚ 39.1 ਡਿਗਰੀ, ਪਟਿਆਲਾ ਵਿੱਚ 36.0 ਡਿਗਰੀ ਅਤੇ ਰੂਪਨਗਰ ਵਿੱਚ 35.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਰਿਹਾ, ਜੋ ਪਿਛਲੇ 24 ਘੰਟਿਆਂ ਵਿੱਚ 2.1 ਡਿਗਰੀ ਵਧਿਆ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 35.5 ਡਿਗਰੀ, ਲੁਧਿਆਣਾ ਵਿੱਚ 35.2 ਡਿਗਰੀ, ਪਠਾਨਕੋਟ ਵਿੱਚ 36.0 ਡਿਗਰੀ, ਫਰੀਦਕੋਟ ਵਿੱਚ 36.5 ਡਿਗਰੀ, ਗੁਰਦਾਸਪੁਰ ਵਿੱਚ 35.0 ਡਿਗਰੀ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ 35.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਫਾਜ਼ਿਲਕਾ ਵਿੱਚ 37.0 ਡਿਗਰੀ, ਫਿਰੋਜ਼ਪੁਰ ਵਿੱਚ 36.8 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 34.1 ਡਿਗਰੀ ਤਾਪਮਾਨ ਰਿਹਾ।
ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਸ ਇਸ ਸਮੇਂ ਪੂਰਬੀ ਬਿਹਾਰ ਦੇ ਨੇੜੇ ਚਕਰਵਾਤੀ ਪ੍ਰਣਾਲੀ ਦੇ ਰੂਪ ਵਿੱਚ ਸਰਗਰਮ ਹੈ। ਇਸਦੇ ਨਾਲ ਹੀ ਮੱਧ ਪਾਕਿਸਤਾਨ ਅਤੇ ਪੰਜਾਬ-ਰਾਜਸਥਾਨ ਨਾਲ ਜੁੜਿਆ ਉੱਪਰੀ ਹਵਾਈ ਦਬਾਅ ਪ੍ਰਣਾਲੀ ਹੁਣ ਰਾਜਸਥਾਨ ਦੇ ਮੱਧ ਇਲਾਕਿਆਂ ਤੱਕ ਪਹੁੰਚ ਗਈ ਹੈ। 10 ਮਈ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਸ ਪੱਛਮੀ ਹਿਮਾਲਈ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।
11 ਤੋਂ 14 ਮਈ ਤੱਕ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 11 ਤੋਂ 14 ਮਈ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਅਗਲੇ ਸੱਤ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਵਾਧਾ ਹੋ ਸਕਦਾ ਹੈ।
11 ਮਈ ਦਾ ਮੌਸਮ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ-ਚਮਕ, ਬਿਜਲੀ ਕੜਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਵੀ ਪੈ ਸਕਦਾ ਹੈ।
12 ਮਈ ਦਾ ਮੌਸਮ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸਦੇ ਨਾਲ ਮੁਕਤਸਰ ਅਤੇ ਫਾਜ਼ਿਲਕਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
13 ਮਈ ਦਾ ਮੌਸਮ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ-ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੋਹਾਲੀ ਅਤੇ ਰੂਪਨਗਰ ਤੋਂ ਇਲਾਵਾ ਬਾਕੀ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
