ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਬੀਤੇ ਦਿਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ ਇੱਕ ਸਾਲ ਤੋਂ ਲੱਗੇ ਕਿਸਾਨ ਧਰਨੇ ਹਟਾ ਦਿੱਤੇ ਗਏ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਧਰਨਿਆਂ ਕਰਕੇ ਪੰਜਾਬ ਦਾ ਵਪਾਰ ਪ੍ਰਭਾਵਿਤ ਹੋ ਰਿਹਾ ਸੀ। ਧਰਨੇ ਹਟਾਉਣ ਤੋਂ ਬਾਅਦ ਪੰਜਾਬ-ਹਰਿਆਣਾ ਬਾਰਡਰ ਨੂੰ ਖੋਲ੍ਹ ਦਿੱਤਾ ਗਿਆ ਅਤੇ ਹਰਿਆਣਾ ਪੁਲਿਸ ਨੇ ਵੀ ਆਪਣੇ ਬੈਰੀਕੇਡਸ ਹਟਾ ਦਿੱਤੇ, ਜਿਸ ਨਾਲ ਦੋਨੋਂ ਰਾਜਾਂ ਵਿਚਕਾਰ ਆਵਾਜਾਈ ਮੁੜ ਸੁਚਾਰੂ ਹੋ ਗਈ।ਇਸ ਵਿਚਲੀਆਂ ਘਟਨਾਵਾਂ ‘ਚ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ‘ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁੱਖ ਸਿੰਘ ਵਲੋਂ ਦਾਇਰ ਕੀਤੀ ਗਈ ਪਟੀਸ਼ਨ ‘ਚ ਦੱਸਿਆ ਗਿਆ ਕਿ ਡੱਲੇਵਾਲ ਨੂੰ ਬਿਨਾਂ ਕੋਈ ਨੋਟਿਸ ਜਾਂ ਕਾਰਨ ਦੱਸੇ ਨਜ਼ਰਬੰਦ ਕੀਤਾ ਗਿਆ ਹੈ, ਜੋ ਕਿ ਗੈਰ-ਕਾਨੂੰਨੀ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਡੀਜੀਪੀ ਨੂੰ ਸੋਮਵਾਰ ਤੱਕ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅੱਜ, ਸੋਮਵਾਰ ਨੂੰ, ਹਾਈਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਹੋਣ ਦੀ ਉਮੀਦ ਹੈ।
