ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ 7 ਜਨਵਰੀ 2026 ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਸਕੂਲ 8 ਜਨਵਰੀ ਤੋਂ ਨਿਯਮਿਤ ਤੌਰ ਤੇ ਖੁੱਲ੍ਹਣਗੇ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ (ਪਹਿਲਾਂ ਟਵਿੱਟਰ) ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ, “ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
“ਉਨ੍ਹਾਂ ਅੱਗੇ ਕਿਹਾ, “ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।”ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੜਾਕੇ ਦੀ ਠੰਡ ਤੋਂ ਬਚਾਅ ਮਿਲੇਗਾ, ਕਿਉਂਕਿ ਉੱਤਰੀ ਭਾਰਤ ਵਿੱਚ ਠੰਡੀ ਹਵਾਵਾਂ ਅਤੇ ਧੁੰਦ ਕਾਰਨ ਤਾਪਮਾਨ ਕਾਫੀ ਹੇਠਾਂ ਚਲਾ ਗਿਆ ਹੈ। ਪਹਿਲਾਂ ਸਰਦੀਆਂ ਦੀਆਂ ਛੁੱਟੀਆਂ ਦਸੰਬਰ ਵਿੱਚ ਸ਼ੁਰੂ ਹੋਈਆਂ ਸਨ ਅਤੇ ਜਨਵਰੀ ਦੇ ਸ਼ੁਰੂ ਵਿੱਚ ਖਤਮ ਹੋਣੀਆਂ ਸਨ, ਪਰ ਮੌਸਮ ਦੀ ਮਾੜੀ ਸਥਿਤੀ ਨੂੰ ਵੇਖਦੇ ਹੋਏ ਇਹ ਵਾਧਾ ਕੀਤਾ ਗਿਆ ਹੈ।
ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਿੱਖਿਆ ਵਿਭਾਗ ਦੀਆਂ ਅਧਿਕਾਰਤ ਨੋਟੀਫਿਕੇਸ਼ਨਾਂ ਤੇ ਨਜ਼ਰ ਰੱਖਣ, ਕਿਉਂਕਿ ਮੌਸਮ ਅਨੁਸਾਰ ਹੋਰ ਵਾਧਾ ਵੀ ਸੰਭਵ ਹੈ।ਇਹ ਫੈਸਲਾ ਪੰਜਾਬ ਸਰਕਾਰ ਦੀ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
